20 ਸਤੰਬਰ ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤਾ ਜਾਵੇਗਾ ਵੋਟਰ ਸੂਚੀਆਂ ਦਾ ਸਰਵੇਖਣ : ਰਾਹੁਲ ਚਾਬਾ

  • ਏ.ਡੀ.ਸੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੇ ਸੋਧ ਪ੍ਰੋਗਰਾਮ ਦੀ ਦਿੱਤੀ ਜਾਣਕਾਰੀ
  • ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 22 ਅਗਸਤ 2024 : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਸਬੰਧੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਕੀਤੀ। ਇਸ ਮੀਟਿੰਗ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ-ਕਮ-ਈ.ਆਰ.ਓ ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਗਸਤ 2024 ਤੋਂ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰ ਸੂਚੀਆਂ ਦਾ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕਿ 20 ਸਤੰਬਰ 2024 ਤੱਕ ਚੱਲੇਗਾ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ  ਕੀਤੀ ਕਿ ਉਹ ਸਰਵੇ ਦੌਰਾਨ ਬੀ.ਐਲ.ਓਜ਼ ਦਾ ਸਹਿਯੋਗ ਕਰਨ। ਇਸ ਸਰਵੇ ਦੌਰਾਨ ਲੋਕ ਆਪਣੇ ਘਰਾਂ ਵਿਚ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਬਿਓਰਾ, ਪਰਿਵਾਰ ਵਿਚ ਕਿਸੇ ਦੀ ਮੌਤ ਜਾਂ ਕਿਸੇ ਲੜਕੇ ਜਾਂ ਲੜਕੀ ਦੇ ਵਿਆਹ ਦਾ ਬਿਓਰਾ ਬੀ.ਐਲ.ਓ ਨੂੰ ਦਰਜ ਕਰਵਾ ਸਕਦੇ ਹਨ, ਤਾਂ ਜੋ ਵੋਟਾਂ ਦੀ ਸੂਚੀ ਵਿਚ ਸਹੀ ਸਮੇਂ ’ਤੇ ਸੋਧ ਕੀਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਜਾਂ ਉਸ ਤੋਂ ਵੱਧ ਹੋਵੇਗੀ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿਚ ਸ਼ਾਮਿਲ ਨਾਮ ’ਤੇ ਇਤਰਾਜ਼ ਜਾਂ ਵੋਟ ਕਟਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿਚ ਕਿਸੇ ਵੀ ਬਿਓਰੇ ਵਿਚ ਦਰੁੱਸਤੀ ਜਾਂ ਪਤੇ ਵਿਚ ਬਦਲਾਅ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਤ ਬੂਥ ਲੈਵਲ ਅਫ਼ਸਰ, ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਜਾਂ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ 28 ਨਵੰਬਰ 2024 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਉਕਤ ਮਿਤੀਆਂ ਤੱਕ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ ਪੋਰਟਲ ਰਾਹੀਂ ਵੀ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੁਧਾਈ ਫਾਰਮ ਦਾ ਡਿਜ਼ੀਟਲਾਈਜੇਸ਼ਨ 21 ਸਤੰਬਰ 2024 ਤੋਂ 5 ਅਕਤੂਬਰ 2024 ਤੱਕ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ 20 ਅਗਸਤ 2024 ਤੋਂ 30 ਸਤੰਬਰ 2024 ਤੱਕ ਪੂਰੀ ਹੋਵੇਗੀ। 1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਏਕੀਕ੍ਰਿਤ ਡਰਾਫਟ ਸੂਚੀ ਦੀ ਪ੍ਰਕਾਸ਼ਨਾ 29 ਅਕਤੂਬਰ 2024 ਨੂੰ ਹੋਵੇਗੀ, ਜਦਕਿ ਦਾਅਵੇ ਅਤੇ ਇਤਰਾਜ ਦਾਖ਼ਲ ਕਰਨ ਦੀ ਮਿਤੀ 29 ਅਕਤੂਬਰ ਤੋਂ 28 ਨਵੰਬਰ ਤੱਕ ਨਿਰਧਾਰਿਤ ਕੀਤੀ ਗਈ ਹੈ। ਈ.ਆਰ.ਓਜ਼ ਵੱਲੋਂ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 29 ਅਕਤੂਬਰ ਤੋਂ 24 ਦਸੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 6 ਜਨਵਰੀ 2025 ਤੱਕ ਹੋਵੇਗੀ। ਰਾਹੁਲ ਚਾਬਾ ਨੇ ਦੱਸਿਆ ਕਿ ਨਿਰਧਾਰਿਤ ਪ੍ਰੋਗਰਾਮ ਦੇ ਅਨੁਸਾਰ 9 ਅਤੇ 10 ਨਵੰਬਰ 2024 (ਸ਼ਨੀਵਾਰ ਅਤੇ ਐਤਵਾਰ) ਅਤੇ 23 ਤੇ 24 ਨਵੰਬਰ 2024 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਾਰੇ ਬੀ.ਐਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਸਾਰੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਧਿਕਾਰੀਆਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਨ। ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਇਸੇ ਵਿਸ਼ੇਸ਼ ਸੋਧ ਪ੍ਰੋਗਰਾਮ ਅਤੇ ਡੋਰ-ਟੂ-ਡੋਰ ਸਰਵੇਖਣ ਦਾ ਵਿਆਪਕ ਪ੍ਰਚਾਰ-ਪ੍ਰਸਾਰ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ, ਪ੍ਰਦੀਪ ਕੁਮਾਰ, ਆਮ ਆਦਮੀ ਪਾਰਟੀ ਤੋਂ ਜੈ ਰਾਜ, ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ ਬੈਂਸ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ ਵੀ ਮੌਜੂਦ ਸਨ।