
ਨਵਾਂਸ਼ਹਿਰ, 21 ਫਰਵਰੀ 2025 : ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ 'ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਂਟੀਬਿਲਟੀ ਇਨ ਡਲੀਵਰੀ ਆਫ ਪਬਲਿਕ ਸਰਵਿਸ ਐਕਟ, 2018' ਤਹਿਤ ਖੇਤੀਬਾੜੀ ਮਸ਼ੀਨਰੀ ਨਾਲ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਹਿਤ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ) ਅਤੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਵੱਲੋਂ ਦਫ਼ਤਰ ਮਾਰਕੀਟ ਕਮੇਟੀ ਨਵਾਂਸ਼ਹਿਰ ਵਿਖੇ ਖੇਤੀਬਾੜੀ ਮਸ਼ੀਨਰੀ ਨਾਲ ਹਾਦਸੇ ਦੇ ਸ਼ਿਕਾਰ ਦੋ ਵਿਅਕਤੀਆਂ ਨੂੰ 48-48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਹਾਦਸਿਆਂ ਦੇ ਪੀੜਤਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਸਬਸਿਡੀ 'ਤੇ ਮਸ਼ੀਨਰੀ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਰੁਪਿੰਦਰ ਮਿਨਹਾਸ, ਸਕੱਤਰ ਮਾਰਕੀਟ ਕਮੇਟੀ ਨਵਾਂਸ਼ਹਿਰ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਲੱਕੀ ਐਰੀ, ਐਮ.ਸੀ ਕਮਲਜੀਤ ਲਾਲ ਅਤੇ ਸਰਪੰਚ ਨਿਸ਼ਾਨਵੀਰ ਸਿੰਘ ਵੀ ਹਾਜਰ ਸਨ।