ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ।

ਸੁਲਤਾਨਪੁਰ ਲੋਧੀ, 18 ਅਪ੍ਰੈਲ : ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਪਤਨੀ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ। ਉਨ੍ਹਾਂ ਇੱਥੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਲਾਕੇ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਕਿਉਂਕਿ ਵਾਤਾਵਰਣ ਦੇ ਪ੍ਰਦੂਸ਼ਣ ਨਾਲ ਲੋਕਾਂ ਦਾ ਜੀਵਨ ਖਤਰੇ ਵਿੱਚ ਪਿਆ ਹੋਇਆ ਹੈ। ਸੰਤ ਸੀਚੇਵਾਲ ਵੱਲੋਂ ਦਿੱਤੇ ਗਏ ਮੰਗ ਪੱਤਰ ਵਿੱਚ 7 ਪ੍ਰਮੁੱਖ ਮੰਗਾਂ ਹਨ। ਇੰਨ੍ਹਾਂ ਬਾਰੇ ਦੱਸਦਿਆ ਸੰਤ ਸੀਚੇਵਾਲ ਨੇ ਕਿਹਾ ਇਸ ਮੰਗ ਪੱਤਰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਪ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਤੱਕ ਪਹੁੰਚਦਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ