ਨਸ਼ਿਆਂ ਦੇ ਖ਼ਾਤਮੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ - ਰਾਜੇਸ਼ ਧੀਮਾਨ 

  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਐਨਕੋਰਡ' ਕਮੇਟੀ ਦੀ ਹੋਈ ਮੀਟਿੰਗ 

ਨਵਾਂਸ਼ਹਿਰ, 17 ਜਨਵਰੀ 2025 : ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ 'ਐਨਕੋਰਡ' ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਿਥੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਨਸ਼ਿਆਂ 'ਤੇ ਲਗਾਮ ਕੱਸਣ ਲਈ ਸਾਰੇ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਧਿਆਨ ਕੁਰੀਤੀਆਂ ਵੱਲ ਨਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ।  ਉਨ੍ਹਾਂ ਇਸ ਦੌਰਾਨ ਪੁਲਿਸ ਵਿਭਾਗ ਦੇ  ਡੀ.ਐਸ.ਪੀ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ 'ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਉਸ ਦੀ ਸੂਚਨਾ ਪੁਲਿਸ ਨੂੰ ਦੇਣ।  ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।  ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।