ਡਿਪਟੀ ਕਮਿਸ਼ਨਰ ਨੇ ਸਰਕਾਰ ਆਪਕੇ ਦੁਆਰ ਤਹਿਤ ਕੈਂਪ ਲਗਾ ਕੇ ਸੁਣੀਆਂ ਸਮੱਸਿਆਵਾਂ

  • ਪਿੰਡ ਮੱਲੂਪੋਤਾ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਨਵਾਂਸ਼ਹਿਰ, 19 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਸਰਕਾਰ ਆਪ ਕੇ ਦੁਆਰ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਹਾਲ ਨੇੜੇ ਸੁਸਾਇਟੀ ਬੈਂਕ ਮੱਲੂ ਪੋਤਾ ਵਿਖੇ ਕੈਂਪ ਲਗਾਇਆ ਜਾਵੇਗਾ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੈਂਪ ਵਿੱਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਮੌਕੇ ‘ਤੇ ਨਿਪਟਾਰਾ ਕਰਨ ਦੇ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ। ਇਸ ਕੈਂਪ ਵਿੱਚ ਸੇਵਾ ਕੇਂਦਰ, ਰੈਵੀਨਿਊ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਾਵਰ ਕਾਮ, ਕਿਰਤ ਵਿਭਾਗ, ਜ਼ਿਲ੍ਹਾ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਆਦਿ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਆਮ ਸ਼ਿਕਾਇਤਾਂ ਦੌਰਾਨ ਮਾਣਯੋਗ ਹਾਈਕੋਰਟ ਵੱਲੋਂ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਛੱਪੜ ਬਣਾਉਣ ਦੀ ਸ਼ਿਕਾਇਤ ‘ਤੇ ਵੀ ਪਿੰਡ ਦੇ ਮੁੱਖ ਅਹੁੱਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਵਿਚਾਰ ਵਟਾਂਦਰਾ ਕਰਕੇ ਮੌਕੇ ਤੇ ਜਾਇਜ਼ਾ ਲਿਆ ਗਿਆ ਹੈ। ਅਧਿਕਾਰੀਆਂ ਵੱਲੋਂ ਯੋਜਨਾਬੱਧ ਤਰੀਕੇ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜ ਨੂੰ ਤਿਆਰ ਕਰਨ ਸਬੰਧੀ ਰੂਪ ਰੇਖਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮਾਣਯੋਗ ਹਾਈਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਮੌਕੇ ‘ਤੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਬੰਗਾ ਵਿਕਰਮਜੀਤ ਸਿੰਘ ਪਾਂਥੇ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।