
ਨਵਾਂਸ਼ਹਿਰ, 30 ਜਨਵਰੀ 2025 : ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਆਪਣੀਆਂ ਡਿਊਟੀਆਂ ਨੂੰ ਜ਼ਿੰਮੇਵਾਰੀ ਨਾਲ ਨਿਭਾਏ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਦੇਸ਼ ਭਗਤਾਂ ਨੇ ਇਕ ਨਰੋਏ ਭਾਰਤ ਦੀ ਸਿਰਜਣਾ ਦਾ ਸੁਪਨਾ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਹਰੇਕ ਨਾਗਰਿਕ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ, ਸੁਪਰਡੈਂਟ ਗਰੇਡ-1 ਹਰਵਿੰਦਰ ਸਿੰਘ, ਸੁਪਰਡੈਂਟ ਗਰੇਡ-2 ਬਹਾਦਰ ਸਿੰਘ, ਪੀ.ਏ ਟੂ ਡੀ.ਸੀ ਜਸਬੀਰ ਸਿੰਘ, ਜ਼ਿਲ੍ਹਾ ਨਾਜ਼ਰ ਹਰਪਾਲ ਸਿੰਘ, ਐਮ. ਏ ਸ਼ਾਮ ਲਾਲ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।