
- ਕਿਹਾ, ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਜਨ ਅੰਦੋਲਨ
- ਸਿਹਤ ਮੰਤਰੀ ਵੱਲੋਂ ਸਰਕਾਰੀ ਨਸ਼ਾ ਛਡਾਊ ਕੇਂਦਰ, ਨਵਾਂਸ਼ਹਿਰ ਦਾ ਦੌਰਾ, ਨਸ਼ਾ ਪੀੜਤਾਂ ਲਈ ਉਪਲਬੱਧ ਸਿਹਤ ਸੇਵਾਵਾਂ ਦਾ ਨਿਰੀਖਣ
ਨਵਾਂਸ਼ਹਿਰ, 17 ਮਾਰਚ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਨਸ਼ਾ ਛਡਾਊ ਕੇਂਦਰ, ਨਵਾਂਸ਼ਹਿਰ ਦਾ ਦੌਰਾ ਕਰਕੇ ਉਥੇ ਨਸ਼ਾ ਪੀੜਤਾਂ ਲਈ ਉਪਲਬੱਧ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕੇੰਦਰ ਵਿਚ ਬਾਥਰੂਮਾਂ ਤੇ ਇਮਾਰਤ ਦੀ ਛੱਤ 'ਤੇ ਸਾਫ-ਸਫਾਈ ਦੇ ਪ੍ਰਬੰਧਾਂ ਨੂੰ ਵੀ ਦੇਖਿਆ। ਇਸ ਮੌਕੇ ਉਨ੍ਹਾਂ ਵੱਲੋਂ ਸਰਕਾਰੀ ਨਸ਼ਾ ਛਡਾਊ ਕੇਂਦਰ ਵਿਚ ਦਾਖ਼ਲ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਦ੍ਰਿੜ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਤਿਆਗਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਤੇ ਆਪਣੇ ਪਰਿਵਾਰਾਂ ਦੀ ਖ਼ਾਤਰ ਇਹ ਗ਼ਲਤ ਰਾਹ ਛੱਡ ਕੇ ਜ਼ਿੰਦਗੀ ਦਾ ਰਸਤਾ ਅਪਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਪੁਨਰਵਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸੇ ਦੌਰਾਨ ਸਿਹਤ ਮੰਤਰੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਦੇ ਪ੍ਰਤੀਨਿਧੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਦੇ ਪ੍ਰਤੀਨਿਧੀਆਂ ਨੂੰ ਕਿਹਾ ਕਿ ਉਹ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤ ਕਰਨ ਲਈ ਇਮਾਨਦਾਰੀ ਨਾਲ ਕੰਮ ਕਰਨ। ਉਨ੍ਹਾਂ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਵਿਚ ਗੁਣਵੱਤਾਪੂਰਨ ਇਲਾਜ ਦੇ ਨਾਲ-ਨਾਲ ਕਾਊਂਸਲਿੰਗ ਸੇਵਾਵਾਂ, ਨਿਰਧਾਰਿਤ ਦਵਾਈਆਂ ਦੀ ਉਪਲਬੱਧਤਾ ਸਮੇਤ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਇਲਾਜ ਪ੍ਰਬੰਧਨ ਲਈ ਨਿਰਧਾਰਿਤ ਐੱਸ.ਓ.ਪੀ. ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਇਕ ਜਨ ਅੰਦੋਲਨ ਬਣ ਗਈ ਹੈ ਤੇ ਇਸ ਮੁਹਿੰਮ ਨਾਲ ਸਮਾਜ ਦੇ ਹਰ ਵਰਗ ਖਾਸ ਕਰਕੇ ਨਸ਼ਾ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਇਕ ਨਵੀਂ ਆਸ ਜਾਗੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਡਾਂ ਵਿਚ ਸਥਾਪਤ ਪੇਂਡੂ ਸਿਹਤ, ਸਫ਼ਾਈ ਤੇ ਪੋਸ਼ਣ ਕਮੇਟੀਆਂ (ਵੀ.ਐੱਚ.ਐੱਸ.ਐੱਨ.ਸੀ.) ਨੂੰ ਇਕ ਪਲੇਟਫਾਰਮ ਦੇ ਤੌਰ 'ਤੇ ਵਰਤਦੇ ਹੋਏ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਵਿੱਚ ਨਸ਼ਾ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਆਮ ਲੋਕਾਂ ਤੇ ਲੋਕ ਪ੍ਰਤੀਨਿੱਧਾਂ ਸਮੇਤ ਪੰਚਾਇਤਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਸਿਰਜਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਪੜਾਵੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਜੰਗ ਸਿਰਫ਼ ਪੰਜਾਬ ਸਰਕਾਰ ਦੀ ਨਹੀਂ, ਸਗੋੰ ਇਹ ਹਰ ਪੰਜਾਬੀ ਦੀ ਲੜਾਈ ਹੈ। ਇਸ ਮੌਕੇ ਪੰਜਾਬ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐੱਸ.ਐੱਸ.ਪੀ ਡਾ. ਮਹਿਤਾਬ ਸਿੰਘ, ਐਸ. ਡੀ. ਐਮ ਰਵਿੰਦਰ ਬਾਂਸਲ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਕੁਲਵਿੰਦਰ ਮਾਨ, ਡਾ ਗੀਤਾਂਜਲੀ ਸਿੰਘ, ਡਾ. ਨਵਰੀਤ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।