ਸਿਹਤ ਵਿਭਾਗ ਅਤੇ ਸਹਿਯੋਗੀ ਵਿਭਾਗ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਮਿਲ ਕੇ ਕਰਨ ਕੰਮ: ਵਧੀਕ ਡਿਪਟੀ ਕਮਿਸ਼ਨਰ (ਜ)

  • ਸੰਬੰਧਤ ਵਿਭਾਗਾਂ ਨੂੰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਫੋਗਿੰਗ ਕਰਨ ਦੇ ਦਿੱਤੇ ਨਿਰਦੇਸ਼

ਨਵਾਂਸ਼ਹਿਰ, 9 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀ ਰਜੀਵ ਵਰਮਾ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਿਲਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਹਤ ਸੇਵਾਵਾਂ ਸਬੰਧੀ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਦੌਰਾਨ ਜੂਨ ਮਹੀਨੇ ਵਿੱਚ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਊਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਿਹਤ ਵਿਭਾਗ ਅਤੇ ਸਹਿਯੋਗੀ ਵਿਭਾਗ ਨੂੰ ਕਿਹਾ ਕਿ ਉਹ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਵਾਟਰ ਬੋਨ ਡਿਜੀਜ਼, ਡੇਂਗੂ, ਮਲੇਰੀਆ ਆਦਿ ਨੂੰ ਰੋਕਣ ਤੇ ਆਪਸੀ ਤਾਲਮੇਲ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਸੰਬੰਧਿਤ ਵਿਭਾਗ ਨੂੰ ਕਿਹਾ ਕਿ ਉਹ ਪਾਣੀ ਦੇ ਸੈਂਪਲਾਂ ਦੀ ਟੈਸਟਿੰਗ ਨੂੰ ਯਕੀਨੀ ਬਣਾਉਣ  ਅਤੇ ਫੂਡ ਸੇਫਟੀ ਐਕਟ ਨੂੰ ਵੀ ਪੂਰਨ ਤੌਰ ਤੇ ਲਾਗੂ ਕਰਨ।  ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਨੂੰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਨਿਯਮਤ ਤੌਰ ਤੇ ਫੋਗਿੰਗ ਕਰਨ ਦੇ ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਵਲੋਂ ਜਿਲੇ ਅੰਦਰ ਤੰਬਾਕੂ ਦੀ ਵਰਤੋਂ ਅਤੇ ਭਰੂਣ ਹੱਤਿਆ ਨੂੰ ਰੋਕਣ ਲਈ ਕ੍ਰਮਵਾਰ ਕੋਟਪਾ ਅਤੇ ਪੀਸੀਪੀਐਨਡੀਟੀ ਐਕਟਾਂ ਨੂੰ ਸਖ਼ਤੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਗਿਆ। ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਵਧਾਉਣ ਅਤੇ ਖਸਰਾ ਅਤੇ ਰੁਬੇਲਾ ਲਈ 95% ਟੀਕਾਕਰਨ ਦਰ ਨੂੰ ਪ੍ਰਾਪਤ ਕਰਨ ਦੀ ਲੋੜ ਨੂੰ ਵੀ ਉਜਾਗਰ ਕੀਤਾ ਗਿਆ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ 15ਵੇਂ ਵਿੱਤ ਕਮਿਸ਼ਨ ਅਧੀਨ ਬਲਾਕ ਪਬਲਿਕ ਹੈਲਥ ਯੂਨਿਟਾਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।