
- 22 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਵਿਕਾਸ ਕੰਮ
ਹੁਸ਼ਿਆਰਪੁਰ, 2 ਦਸੰਬਰ 2024 : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 50 ਵਿਚ ਗਲੀਆਂ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ ਢਾਈ ਸਾਲ ਦੇ ਕਾਰਜਕਾਲ ਵਿਚ ਹੁਸ਼ਿਆਰਪੁਰ ਦੇ ਵਿਕਾਸ ਲਈ ਬੇਮਿਸਾਲ ਕੰਮ ਕੀਤਾ ਹੈ ਜੋ ਕਿ ਪਿਛਲੀਆਂ ਸਰਕਾਰਾਂ ਆਪਣੇ ਲੰਬੇ ਸ਼ਾਸਨ ਦੌਰਾਨ ਵੀ ਨਹੀਂ ਕਰ ਪਾਈਆਂ। ਉਨ੍ਹਾਂ ਕਿਹਾ ਕਿ ਸਰਕਾਰ ਬਨਣ ਤੋਂ ਬਾਅਦ ਨਗਰ ਨਿਗਮ ਵੱਲੋਂ ਕਰੀਬ 35 ਕਰੋੜ ਰੁਪਏ ਦੇ ਕੰਮ ਪਾਸ ਕੀਤੇ ਗਏ ਹਨ ਜਿਸ ਨਾਲ ਸ਼ਹਿਰ ਵਿਚ ਟਿਊਬਵੈਲ, ਸੜਕਾਂ ਦੇ ਨਿਰਮਾਣ ਕਾਰਜ ਅਤੇ ਹੋਰ ਬੁਨਿਆਦੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 50 ਵਿਚ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕੰਮਾਂ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ਨਗਰ ਨਿਗਮ ਨੂੰ ਮਜ਼ਬੂਤ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਹੈ ਅਤੇ ਨਗਰ ਨਿਗਮ ਨੂੰ ਆਧੁਨਿਕ ਮਸ਼ੀਨਰੀ ਅਤੇ ਹੋਰ ਜ਼ਰੂਰੀ ਸਾਜੋ ਸਮਾਨ ਦੇ ਕੇ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਗਰ ਨਿਗਮ ਦਾ ਸਹਿਯੋਗ ਕਰਨ ਅਤੇ ਹੁਸ਼ਿਆਰਪਰ ਨੂੰ ਸਾਫ਼-ਸੁਥਰਾ ਬਣਾਏ ਰੱਖਣ ਵਿਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਹੁਸ਼ਿਆਰਪੁਰ ਨੂੰ ਇਕ ਆਦਰਸ਼ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਕੌਂਸਲਰ ਗੁਰਮੀਤ ਰਾਮ, ਦਿਲਾਵਰ, ਰਾਜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।