ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ

  • ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ
  • ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ
  • ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ

ਹੁਸ਼ਿਆਰਪੁਰ, 16 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ ਤੇ ਟਰਾਈ ਸਾਈਕਲ ਸੌਂਪੇ, ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ ਜਹਾਨਖੇਲਾਂ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸੰਤਾਂ ਦੀ ਨਗਰੀ ਨਾਲ ਜਾਣੇ ਜਾਂਦੇ ਜ਼ਿਲ੍ਹੇ ਦੀ ਧਰਤੀ ’ਤੇ ਲਗਾਤਾਰ ਦੂਸਰੀ ਵਾਰ ਰਾਸ਼ਟਰੀ ਝਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀ ਰਹੇ ਹੁਸ਼ਿਆਰਪੁਰ ਦੇ ਅਜ਼ਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਤੇ ਗਦਰ ਲਹਿਰ ਦੇ ਬਾਬੂ ਮੰਗੂ ਰਾਮ ਮੁਗੋਵਾਲੀਆ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਸਰਕਾਰ ਤੁਹਾਡੇ ਦੁਆਰ, ਸੀ. ਐਮ ਵਿੰਡੋ, ਮੁੱਖ ਮੰਤਰੀ ਤੀਰਥ ਯਾਤਰਾ, ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਡੋਰ ਸਟੈਪ ਸੇਵਾਵਾਂ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਸੇ ਤਰ੍ਹਾਂ ਸਿਵਲ ਹਸਪਤਾਲ ਦੇ ਮਦਰ ਐਂਡ ਚਾਈਲਡ ਹੈਲਥ ਸੈਂਟਰ ਵਿਖੇ 30 ਬੈੱਡਾਂ ਦੀ ਨਿਰਮਾਣ ਅਧੀਨ ਬਿਲਡਿੰਗ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 550 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਪਿੰਡ ਬਜਵਾੜਾ ਵਿਚ 27 ਕਰੋੜ ਰੁਪਏ ਦੀ ਲਾਗਤ ਨਾਲ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਦੀ ਉਸਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 5 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਖੇ ਨਵੇਂ ਐਸ. ਡੀ. ਐਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਫਰਦ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਨੌਜਵਾਨਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਹੁਸ਼ਿਆਰਪੁਰ ਸ਼ਹਿਰ ਦੇ ਦੋ ਮੁੱਖ ਪੁਆਇੰਟਾਂ ਪ੍ਰਭਾਤ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ 101 ਫੁੱਟ ਉੱਚੇ ਤਿਰੰਗੇ ਝੰਡੇ ਸਥਾਪਿਤ ਕੀਤੇ ਗਏ ਹਨ। ਕਰੀਬ 30 ਕਰੋੜ ਦੀ ਲਾਗਤ ਨਾਲ ਪਿੰਡ ਬਜਵਾੜਾ ਅਤੇ ਕਿਲਾ ਬਰੂਨ ਵਿਖੇ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿਖੇ ਡੰਪ ਨੂੰ ਹਟਾ ਕੇ ਉਥੇ ਬਹੁਤ ਹੀ ਵਧੀਆ ਫੂਡ ਸਟਰੀਟ ਦਾ ਨਿਰਮਾਣ ਕੀਤਾ ਗਿਆ ਹੈ, ਜਿਥੇ ਸ਼ਹਿਰ ਵਾਸੀ ਹੁਣ ਲਜ਼ੀਜ਼ ਪਕਵਾਨਾਂ ਦਾ ਅਨੰਦ ਮਾਣ ਰਹੇ ਹਨ। ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਗਬਾਨੀ ਦੇ ਖੇਤਰ ਵਿਚ ਇਕ ਵੱਡਾ ਮਾਅਰਕਾ ਮਾਰਦਿਆਂ ਬਾਗਬਾਨੀ ਅਸਟੇਟ, ਛਾਉਣੀ ਕਲਾਂ, ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। ਕੰਢੀ ਖੇਤਰ ਦੇ ਪਿੰਡਾਂ ਨੂੰ ਸੁਚਾਰੂ ਢੰਗ ਨਾਲ ਪਾਣੀ ਮੁਹੱਈਆ ਕਰਵਾਉਣ ਲਈ 258 ਕਰੋੜ 73 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਆਧਾਰਿਤ ਤਲਵਾੜਾ ਜਲ ਸਪਲਾਈ ਪ੍ਰੋਜੈਕਟ ’ਤੇ ਕੰਮ ਚੱਲ ਰਿਹਾ ਹੈ। ਜ਼ਿਲ੍ਹੇ ਵਿਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ ਵਣ ਮੰਡਲ ਵੱਲੋਂ ਥਾਣਾ ਡੈਮ ਅਤੇ ਚੌਹਾਲ ਡੈਮ ਵਿਖੇ ਸੈਲਾਨੀਆਂ ਦੇ ਰੁਕਣ ਲਈ ਹੱਟਸ, ਜੰਗਲ ਸਫਾਰੀ, ਬੋਟਿੰਗ ਅਤੇ ਨੇਚਰ ਟਰੇਲ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਲੱਖਣ ਪ੍ਰੋਜੈਕਟਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ‘ਵਿੰਗਜ਼’ ਪ੍ਰੋਜੈਕਟ ਤਹਿਤ ਸਪੈਸ਼ਲ ਅਤੇ ਬੌਧਿਕ ਤੌਰ ’ਤੇ ਕਮਜ਼ੋਰ ਬੱਚਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 5 ਵੱਖ-ਵੱਖ ਸਰਕਾਰੀ ਅਦਾਰਿਆਂ ਵਿਚ ਕੰਟੀਨਾਂ ਖੋਲ੍ਹ ਕੇ ਦਿੱਤੀਆਂ ਗਈਆਂ ਹਨ। ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਵਿਚ ਕੇਵਲ 10 ਰੁਪਏ ਵਿਚ ਲੋਕਾਂ ਨੂੰ ਦੁਪਹਿਰ ਦਾ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।   ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਇਸੇ ਤਰ੍ਹਾਂ ਸਾਈਬਰ ਕ੍ਰਾਈਮ ’ਤੇ ਨੱਥ ਪਾਉਣ ਲਈ ਇਕ ਵੱਖਰਾ ਸਾਈਬਰ ਕ੍ਰਾਈਮ ਥਾਣਾ ਖੋਲਿ੍ਹਆ ਗਿਆ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਜ਼ਿਲ੍ਹਾ ਇਸ ਵੇਲੇ ਹਰੇਕ ਖੇਤਰ ਵਿਚ ਮੋਹਰੀ ਰੋਲ ਅਦਾ ਕਰਦਾ ਹੋਇਆ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਸ ਸਿਲਸਿਲੇ ਨੂੰ ਬਰਕਰਾਰ ਰੱਖਿਆ ਜਾਵੇਗਾ। ਇਸ ਦੌਰਾਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਜ਼ਾਦੀ ਦਿਹਾੜੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲ-ਕਾਲਜਾਂ ਨੂੰ 16 ਅਗਸਤ ਦੀ ਛੁੱਟੀ ਦੀ ਘੋਸ਼ਣਾ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਸੀ. ਜੇ. ਐਮ ਰਾਜ ਪਾਲ ਰਾਵਲ, ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਰਾਜੇਸ਼ਵਰ ਦਿਆਲ ਬੱਬੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਆਪ ਦੇ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਮਨੋਜ ਠਾਕੁਰ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।