
- ਕਿਹਾ, ਪੰਜਾਬ ਸਰਕਾਰ ਆਮ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ
- ਸਿਹਤ ਮੰਤਰੀ ਵੱਲੋਂ ਜ਼ਿਲ੍ਹੇ ਵਿਚ ਨਵੇਂ ਮੈਡੀਕਲ ਕਾਲਜ ਦੇ ਨੀਂਹ ਪੱਥਰ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
ਨਵਾਂਸ਼ਹਿਰ, 20 ਮਾਰਚ 2025 : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪਵਿੱਤਰ ਧਰਤੀ, ਸ਼ਹੀਦ ਭਗਤ ਸਿੰਘ ਨਗਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵਾਂ ਮੈਡੀਕਲ ਕਾਲਜ ਬਣਾਉਣ ਦੇ ਕੀਤੇ ਵਾਅਦੇ ਨੂੰ ਬੂਰ ਪੈਣ ਜਾ ਰਿਹਾ ਹੈ, ਜੋ ਕਿ ਸ਼ਹੀਦ ਭਗਤ ਸਿੰਘ ਨਗਰ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰ ਦੇੇ ਲੋਕਾਂ ਲਈ ਵੱਡਾ ਤੋਹਫ਼ਾ ਸਾਬਿਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਮਿਤੀ 23 ਮਾਰਚ, 2025 ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਦੌਰੇ ਦੌਰਾਨ ਜ਼ਿਲ੍ਹੇ ਅੰਦਰ ਨਵੇਂ ਮੈਡੀਕਲ ਕਾਲਜ ਦੀ ਬਣਤਰ, ਪਾਣੀ ਦੀ ਨਿਕਾਸੀ ਲਈ ਡਰੇਨੇਜ ਸਿਸਟਮ ਦੇ ਬੰਦੋਬਸਤਾਂ ਸਮੇਤ ਮੈਡੀਕਲ ਕਾਲਜ ਦੇ ਨੀਂਹ ਪੱਥਰ ਸਮਾਰੋਹ ਦੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਲਈ ਦਿੱਤੀ ਗਈ ਜ਼ਮੀਨ ਨੂੰ ਵੀ ਦੇਖਿਆ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਨੂੰ ਲੈ ਕੇ ਗੱਲਬਾਤ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ, ਸ਼ਹੀਦ ਭਗਤ ਸਿੰਘ ਦੀ ਧਰਤੀ, ਨਵਾਂਸ਼ਹਿਰ ਵਿਚ, ਸਾਡੀ ਸਿਹਤ ਸੰਭਾਲ ਕ੍ਰਾਂਤੀ ਦੇ ਅਗਲੇ ਪੜਾਅ ਲਈ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪੰਜਾਬ ਲਈ ਇਕ ਇਤਿਹਾਸਕ ਪਲ ਹੈ, ਜੋ ਇਹ ਯਕੀਨੀ ਬਣਾਵੇਗਾ ਕਿ ਹਰੇਕ ਨਾਗਰਿਕ ਨੂੰ ਵਿੱਤੀ ਬੋਝ ਤੋਂ ਬਿਨਾਂ ਅਤਿ-ਆਧੁਨਿਕ ਸਿਹਤ ਸੰਭਾਲ ਤੱਕ ਪਹੁੰਚ ਹੋਵੇ। ਇਹ ਪੰਜਾਬ ਦੇ ਲੋਕਾਂ ਲਈ ਸਿਹਤ ਸੰਭਾਲ ਪਹੁੰਚ ਅਤੇ ਗੁਣਵੱਤਾ ਵਿਚ ਮਹੱਤਵਪੂਰਨ ਵਾਧਾ ਕਰੇਗਾ ਅਤੇ ਇਕ ਆਉਣ ਵਾਲੇ ਮੀਲ ਦੇ ਪੱਥਰ ਨੂੰ ਉਜਾਗਰ ਕਰੇਗਾ। ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਸ਼ਹੀਦ ਭਗਤ ਸਿੰਘ ਨਗਰ ਅਤੇ ਆਲੇ-ਦੁਆਲੇ ਦੇ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋਵੇਗਾ। ਸਿਹਤ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੀ ਭਰਤੀ ਪ੍ਰਕਿਰਿਆ ਨਿਰੰਤਰ ਚੱਲ ਰਹੀ ਹੈ। ਜਲਦ ਹੀ ਹਸਪਤਾਲਾਂ ਵਿਚ ਸਟਾਫ ਦੀ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ। ਪੰਜਾਬ ਵਿਚ ਡਾਕਟਰਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐੱਸ.ਪੀ ਇਕਬਾਲ ਸਿੰਘ, ਐਕਸੀਅਨ ਪੀ.ਡਬਲਿਊ.ਡੀ ਤਰਨਪ੍ਰੀਤ ਕੌਰ, ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਈ.ਐੱਨ.ਟੀ ਵਿਭਾਗ ਦੇ ਮੁਖੀ ਡਾ. ਗੁਰਬਖਸ਼ ਸਿੰਘ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਸਮੇਤ ਹੋਰ ਮੋਹਤਬਰ ਮੌਜੂਦ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਬਾਹਰ ਇਕ ਕਨਫੈਕਸ਼ਨਰੀ ਦੀ ਦੁਕਾਨ ਵਿਚ ਗਏ ਅਤੇ ਉੱਥੇ ਬੱਚਿਆਂ ਨੂੰ ਲੁਭਾਉਣ ਵਾਲੇ ਪ੍ਰੀਜਰਵੇਟਿਵ ਐਨਰਜੀ ਡਰਿੰਕਸ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਐਨਰਜੀ ਡਰਿੰਕਸ ਵਿਚ ਬਹੁਤ ਜ਼ਿਆਦਾ ਕੈਫੀਨ ਤੇ ਸ਼ੂਗਰ ਹੁੰਦੀ ਹੈ ਜੋ ਬੱਚਿਆਂ ਵਿਚ ਇਨ੍ਹਾਂ ਪੇਅ ਪਦਾਰਥਾਂ ਦੀ ਲੱਤ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਛੋਟੇ ਬੱਚਿਆਂ ਵਿਚ ਇਨ੍ਹਾਂ ਐਨਰਜੀ ਡਰਿੰਕਸ ਦੀ ਵਰਤੋਂ ਅਤੇ ਸੇਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੈਲੂਲੇਟ ਕਰਨ ਲਈ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ, ਕਿਉਂਕਿ ਛੋਟੇ ਬੱਚਿਆਂ ਦੀ ਸਿਹਤ ਲਈ ਅਜਿਹੇ ਡਰਿੰਕ ਬਹੁਤ ਖ਼ਤਰਨਾਕ ਹਨ ਅਤੇ ਮਾੜੀ ਜੀਵਨਸ਼ੈਲੀ ਨਾਲ ਸਬੰਧਤ ਬਿਮਾਰੀਆਂ ਲੱਗਣ ਦਾ ਕਾਰਨ ਬਣ ਸਕਦੇ ਹਨ। ਉਨ੍ਹਾਂ ਦੁਕਾਨਦਾਰ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਦੁਕਾਨ ਵਿਚ ਲੱਸੀ ਅਤੇ ਨਿੰਬੂ ਪਾਣੀ ਵਰਗੇ ਪੇਅ ਪਦਾਰਥਾਂ ਦੀ ਵਿਕਰੀ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਇਕ ਸਿਹਤਮੰਦ ਸਮਾਜ ਦੀ ਸਥਾਪਨਾ ਨੂੰ ਸਾਕਾਰ ਕੀਤਾ ਜਾ ਸਕੇ।