ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ: ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

  • ਨਸ਼ੇ ਦੇ ਸਮਗਲਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ

ਨਵਾਂਸ਼ਹਿਰ, 25 ਜੂਨ 2024 : ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ, ਉਨਾਂ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਸਬੰਧਤ ਵਿਭਾਗਾਂ ਨੂੰ ਜਾਣੂ ਕਰਾਉਣ ਲਈ ਇਹ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਗੁੱਡ ਗਵਰਨਸ ਫੈਲੋ ਅਸ਼ਮੀਤਾ, ਡੀ.ਐਸ.ਪੀ. ਗੁਰਬਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਾਜਨ ਸ਼ਾਸਤਰੀ, ਵਣ ਮੰਡਲ ਅਫ਼ਸਰ ਹਰਭਜਨ ਸਿੰਘ, ਖੇਤੀਬਾੜੀ ਅਫ਼ਸਰ ਨਰੇਸ਼ ਕਟਾਰੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨਵੀ ਦਿੱਲੀ ਅਤੇ ਨਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਸਾਂਝੇ ਤੌਰ ਤੇ ਬੱਚਿਆਂ ਵਿੱਚ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਲਈ ਫਰਵਰੀ 2021 ਜੁਆਇੰਟ ਐਕਸ਼ਨ ਪਲਾਨ "ਏਕ ਯੁੱਧ ਨਸ਼ੇ ਕੇ ਵਿਰੁੱਧ" ਤਿਆਰ ਕੀਤਾ ਗਿਆ ਸੀ ਅਤੇ ਸਾਰੇ ਰਾਜਾਂ ਦੇ ਅਧੀਨ ਆਉਣ ਵਾਲੇ ਜ਼ਿਲਿਆਂ ਨੂੰ ਉਪਰੋਕਤ ਜੁਆਇੰਟ ਐਕਸ਼ਨ ਪਲਾਨ ਲਾਗੂ ਕਰਨ ਅਤੇ ਇਸ ਨਾਲ ਸੰਬੰਧਿਤ ਗਤੀਵਿਧੀਆਂ ਉਲੀਕਣ ਦੀ ਹਦਾਇਤ ਕੀਤੀ ਗਈ ਸੀ। ਜਿਸ ਤਹਿਤ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਬੱਚਿਆਂ ਵਿੱਚ ਨਸ਼ੇ ਦੀ ਦੁਰਵਰਤੋਂ ਅਤੇ ਰੋਕਥਾਮ ਕਰਨ ਲਈ ਵੱਧ ਤੋਂ ਵੱਧ ਗਤੀਵਿਧੀਆਂ ਉਲੀਕੀਆਂ ਗਈਆਂ ਹਨ ਜਿਸ ਦੇ ਸਦਕੇ ਜਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਨੂੰ ਬੈਸਟ ਪਰਫੋਰਮਿੰਗ ਡਿਸਟਰਿਕਟ ਐਲਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਸੰਬੰਧਿਤ ਵਿਭਾਗ ਪੂਰੇ ਐਕਸ਼ਨ ਮੁਡ ਵਿੱਚ ਕੰਮ ਕਰਨਗੇ ਅਤੇ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ਼ ਹੰਬਲਾ ਬੋਲਦਿਆਂ ਨਸ਼ੇ ਦਾ ਖਤਮ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਸ਼ਾ ਵਰਕਰਾਂ ਤੋਂ ਐਸ.ਡੀ.ਐਮ ਪਿੰਡਾਂ ਅੰਦਰ ਨਸ਼ਾ ਵੇਚਣ ਵਾਲਿਆਂ ਦੀ ਪੂਰੀ ਜਾਣਕਾਰੀ ਗੁਪਤ ਤਰੀਕੇ ਨਾਲ ਹਾਸਲ ਕਰਨਗੇ ਅਤੇ ਇਹ ਜਾਣਕਾਰੀ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਸਾਂਝੀ ਕਰਨਗੇ। ਜਾਣਕਾਰੀ ਪ੍ਰਾਪਤ ਹੁੰਦਿਆਂ ਹੀ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਨਸ਼ਿਆਂ ਦੇ ਸਮਗਲਰਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੜੇ ਗਏ ਨਸ਼ੇ ਦੇ ਸੌਦਾਗਰਾਂ ਦੀਆਂ ਪ੍ਰੋਪਰਟੀਆਂ ਵੀ ਜਬਤ ਕੀਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵਿਭਾਗ ਵੱਲੋਂ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਜਲਦੀ ਹੀ ਜ਼ਿਲ੍ਹੇ ਅੰਦਰ ਲਹਿਰ ਚਲਾ ਕੇ ਨਸ਼ੇ ਦੀ ਸਪਲਾਈ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਦੇ ਹੋਏ, ਪਰਚਾ ਦਰਜ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਨੌਜਵਾਨ ਨਸ਼ੇ ਦੇ ਦੂਰ ਪ੍ਰਭਾਵ ਤੋਂ ਜਾਣੂ ਹੋ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਪੰਜਾਬ ਅੰਦਰੋਂ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਪਿਛਲੇ ਮਈ ਮਹੀਨੇ ਦੌਰਾਨ NDPS ਐਕਟ ਤਹਿਤ 15 ਮੁਕਦਮੇ ਦਰਜ ਕੀਤੇ ਗਏ ਹਨ ਅਤੇ 18 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। 184 ਗਰਾਮ ਹੈਰੋਇਨ, 900 ਗ੍ਰਾਮ ਡੋਡੇ ਚੂਰਾ ਪੋਸਟ, 85 ਟੀਕੇ ਅਤੇ 3 ਲੱਖ 25 ਹਜਾਰ 900 ਰੁਪਏ ਦੀ ਡਰੱਗਸ ਮਨੀ ਬਰਾਮਦ ਕੀਤੀ ਗਈ ਹੈ। ਨਸ਼ਿਆਂ ਦੀ ਰੋਕਥਾਮ ਸਬੰਧੀ ਕੁੱਲ  31 ਸੈਮੀਨਾਰ ਲਗਾਏ ਗਏ ਹਨ, ਜਿਸ ਵਿੱਚੋਂ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ 19 ਸੈਮੀਨਾਰ ਅਤੇ ਟੈਕਸੀ ਸਟੈਂਡ, ਟੈਂਪੂ ਯੂਨੀਅਨ ਟਰੱਕ, ਯੂਨੀਅਨ ਗਰਾਂਡ ਆਦਿ ਥਾਵਾਂ ਤੇ 12 ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਪੁਲਿਸ ਵਿਭਾਗ ਵੱਲੋਂ 35 ਪਿੰਡ ਡਰੱਗ ਫਰੀ ਘੋਸ਼ਿਤ ਕਰਕੇ ਮਤੇ ਪਾਏ ਗਏ ਹਨ ਅਤੇ ਡਰੱਗਸ ਹੋਟ ਸਪੋਰਟ ਪਿੰਡਾਂ ਵਿੱਚ ਪਿੰਡਵਾਸੀਆਂ ਦੇ ਸਹਿਯੋਗ ਨਾਲ ਕਾਰਵਾਈ ਕੀਤੀ ਜਾ ਰਹਿ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ NCORD ਹੈਲਪਲਾਈਨ ਨੰਬਰ 9988303232 ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ‘ਤੇ ਕੋਈ ਨਾਗਰਿਕ, ਸੰਸਥਾ ਸ਼ੱਕੀ ਡਰੱਗ ਸਪਲਾਇਰ ਸਬੰਧੀ ਜਾਣਕਾਰੀ, ਸ਼ਿਕਾਇਤ ਅਤੇ ਮਦਦ ਲਈ ਕਾਲ ਕਰ ਸਕਦੇ ਹਨ। ਕਿਸੇ ਵੀ ਨਾਗਰਿਕ/ਸੰਸਥਾ ਵੱਲੋਂ ਸ਼ੱਕੀ ਡਰੱਗ ਸਪਲਾਇਰ ਸਬੰਧੀ ਦਿੱਤੀ ਗਈ ਜਾਣਕਾਰੀ ਸਹੀ ਪਾਏ ਜਾਣ ‘ਤੇ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ 13 ਓਟ ਸੈਂਟਰ ਚਲਾਏ ਜਾ ਰਹੇ ਹਨ ਇਹਨਾਂ ਸੈਂਟਰਾਂ ਵਿੱਚ ਨਸ਼ਾ ਰੋਗੀਆਂ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਸਿਹਤ ਵਿਭਾਗ ਵੱਲੋਂ 5 ਡੀ-ਅਡਿਕਸ਼ਨ ਸੈਂਟਰ ਵੀ ਚਲਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ ਵੱਖ ਗਤੀਵਿੱਧੀਆਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਮੁਹਿੰਮ ਚਲਾਈ ਜਾਵੇਗੀ।