ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

  • ਸੂਬੇ ’ਚ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਮੁੱਖ ਮੰਤਰੀ ਨੇ 450 ਰੁਪਏ ਕੀਤੇ ਹਨ ਜਾਰੀ
  • ਕੈਬਨਿਟ ਮੰਤਰੀ ਨੇ ਦਾਣਾ ਮੰਡੀ ਹੁਸ਼ਿਆਰਪੁਰ ਤੋਂ ਜ਼ਿਲ੍ਹੇ ’ਚ ਕਣਕ ਦੀ ਖਰੀਦ ਦੀ ਕਰਵਾਈ ਸ਼ੁਰੂਆਤ
  • ਕਿਹਾ, ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਉਠਾਉਣ ਲਈ ਵਚਨਬੱਧ
  • ਜ਼ਿਲ੍ਹੇ ਦੀਆਂ 73 ਮੰਡੀਆਂ ’ਚ ਕੀਤੀ ਜਾ ਰਹੀ ਕਣਕ ਦੀ ਖਰੀਦ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ

ਹੁਸ਼ਿਆਰਪੁਰ, 14 ਅਪ੍ਰੈਲ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਵਿਸਾਖੀ ਦੇ ਸ਼ੁਭ ਮੌਕੇ ਦਾਣਾ ਮੰਡੀ ਹੁਸ਼ਿਆਰਪੁਰ ਤੋਂ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਸੰਯੋਗਿਤਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਾਰੀ ਬਾਰਸ਼ ਕਾਰਨ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 450 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਜ਼ਿਲ੍ਹਾ  ਹੁਸ਼ਿਆਰਪੁਰ ਵਿਚ ਹੁਣ ਤੱਕ 3 ਕਰੋੜ ਰੁਪਏ ਡਿਪਟੀ ਕਮਿਸ਼ਨਰ ਕੋਲ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਹੱਥ ਫੜਿਆ ਅਤੇ ਰਿਕਾਰਡ ਦਿਨਾਂ ਵਿਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਕਿਸਾਨਾਂ ਨੂੰ ਰਾਹਤ ਦੇਣ ਲਈ ਆਪ ਦੀ ਸਰਕਾਰ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿਚ ਪਹਿਲਾਂ ਕੇਵਲ ਖੋਖਲੇ ਦਾਅਵੇ ਹੀ ਹੁੰਦੇ ਸਨ ਅਤੇ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀ ਕੋਈ ਸੁਧ ਨਹੀਂ ਲੈਂਦਾ ਸੀ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ 73 ਮੰਡੀਆਂ ਵਿਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀਆਂ ਵਿਚ 3,75,687 ਮੀਟ੍ਰਿਕ ਟਨ ਕਣਕ ਦੀ ਖਰੀਦ ਦੀ ਆਸ ਹੈ, ਜਦਕਿ ਪਿਛਲੇ ਸਾਲ 2022-23 ਦੌਰਾਨ ਮੰਡੀਆਂ ਤੋਂ 2,71,163 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆ ਵਿਚ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਪੂਰੇ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਕਣਕ ਦਾ ਐਮ.ਐਸ.ਪੀ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਸੁਕੀ ਤੇ ਸਾਫ਼-ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਾ ਆਵੇ। ਬ੍ਰਮ ਸ਼ੰਕਰ ਜਿੰਪਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਵਲੋਂ ਅਨਾਜ ਮੰਡੀ ਵਿਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕ੍ਰਿਆ ਹਾਸਲ ਕੀਤੀ। ਇਸ ਦੌਰਾਨ ਮੰਡੀ ਵਿਚ ਵੱਖ-ਵੱਖ ਢੇਰੀਆਂ ’ਤੇ ਜਾ ਕੇ ਕਣਕ ਦੀ ਫ਼ਸਲ ਦੇਖਦੇ ਹੋਏ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਛੋਟੀ ਤੋਂ ਛੋਟੀ ਸਮੱਸਿਆ ਪ੍ਰਤੀ ਚਿੰਤਤ ਹੈ ਅਤੇ ਹਰ ਸਮੱਸਿਆ ਦਾ ਹੱਲ ਨਿਕਾਲਣ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਸੰਦੀਪ ਸੈਣੀ, ਵਰਿੰਦਰ ਵੈਦ, ਸੁਮੇਸ਼ ਸੋਨੀ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।