ਸ਼ਹੀਦ ਭਗਤ ਸਿੰਘ ਨਗਰ : ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਦੇਸ਼ ਆਪਣੇ ਮਹਾਨ ਪੁੱਤ ਅਤੇ ਆਜ਼ਾਦੀ ਸੰਗਰਾਮੀਏ ਸਰਦਾਰ ਭਗਤ ਸਿੰਘ, ਜਿਨ੍ਹਾਂ ਦੀ ਕੁਰਬਾਨੀ ਨੇ ਆਜ਼ਾਦੀ ਸੰਗਰਾਮ ਨੂੰ ਪ੍ਰਚੰਡ ਕੀਤਾ ਅਤੇ ਨੌਜਵਾਨਾਂ ਨੂੰ ਅੰਗਰੇਜ਼ ਹਾਕਮਾਂ ਵਿਰੁੱਧ ਇਕਜੁੱਟ ਹੋ ਕੇ ਡਟਣ ਲਈ ਪ੍ਰੇਰਿਤ ਕੀਤਾ, ਦਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਰਿਣੀ ਰਹੇਗਾ। ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਖਟਕੜ ਕਲਾਂ ਦੇ ਆਪਣੇ ਪਹਿਲੇ ਦੌਰੇ ਦੌਰਾਨ ਸ੍ਰੀ ਅਰੋੜਾ ਨੇ ਵੀਰਵਾਰ ਨੂੰ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਵਰਗਵਾਸੀ ਪਿਤਾ ਸਰਦਾਰ ਕਿਸ਼ਨ ਨੂੰ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਸਮਾਂ ਵੀ ਆਇਆ ਜਦੋਂ ਦੇਸ਼ ਦੇ ਲੋਕ ਹਾਕਮਾਂ ਵੱਲੋਂ ਉਨ੍ਹਾਂ ਨਾਲ ਮਾੜਾ ਸਲੂਕ ਕੀਤੇ ਜਾਣ ਕਾਰਨ ਅੰਗਰੇਜ਼ਾਂ ਦੀ ਗੁਲਾਮੀ ਤੋਂ ਤੰਗ ਆ ਚੁੱਕੇ ਸਨ ਤੇ ਆਜ਼ਾਦੀ ਚਾਹੁੰਦੇ ਸਨ। ਉਸ ਸਮੇਂ ਪੰਜਾਬੀ ਉਨ੍ਹਾਂ ਮੋਹਰੀ ਸੰਘਰਸ਼ੀਆਂ ਅਤੇ ਅੰਦੋਲਨਕਾਰੀਆਂ ਵਿੱਚੋਂ ਸਨ, ਜਿਨ੍ਹਾਂ ਨੇ ਆਜ਼ਾਦੀ ਦੀ ਲਹਿਰ ਵਿੱਚ ਬਹਾਦਰੀ ਨਾਲ ਹਿੱਸਾ ਲਿਆ ਅਤੇ ਆਜ਼ਾਦੀ ਲਈ ਲਗਭਗ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਯੋਗਦਾਨ ਪਾਇਆ। ਰਾਜ ਸਭਾ ਮੈਂਬਰ ਨੇ ਆਜ਼ਾਦੀ ਤੋਂ ਬਾਅਦ ਦੀਆਂ ਪੀੜ੍ਹੀਆਂ ਨੂੰ ਆਜ਼ਾਦ ਦੇਸ਼ ਚ ਜਨਮ ਲੈਣ ਲਈ ਬਹੁਤ ਹੀ ਖੁਸ਼ਕਿਸਮਤ ਦੱਸਦੇ ਹੋਏ ਕਿਹਾ ਕਿ ਸਾਨੂੰ ਆਪਣੇ ਪੁਰਖਿਆਂ ਅਤੇ ਮਹਾਨ ਆਜ਼ਾਦੀ ਘੁਲਾਟੀਆਂ ਦਾ ਹਮੇਸ਼ਾ ਧੰਨਵਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਸਾਡੀ ਆਜ਼ਾਦੀ ਅਤੇ ਅਧਿਕਾਰਾਂ ਲਈ ਲੜਾਈ ਲੜੀ। ਮਹਾਨ ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰ ਦੇ ਨਾਇਕ ਸਰਦਾਰ ਭਗਤ ਸਿੰਘ ਦੇ ਜੱਦੀ ਘਰ ਦਾ ਦੌਰਾ ਕਰਦਿਆਂ ਸ਼ਹੀਦ ਦੇ ਪਰਿਵਾਰ ਦੀਆਂ ਪਰਿਵਾਰਕ ਤਸਵੀਰਾਂ ਅਤੇ ਸਮਾਨ ਦੇਖ ਕੇ ਜਜ਼ਬਾਤੀ ਹੋ ਆਏ ਸ਼੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਪੁਰਾਤਨ ਸਮਾਨ ਅਤੇ ਫੋਟੋਆਂ ਨਾਲ ਲਿਖਤੀ ਵੇਰਵਾ ਲਾਉਣ ਦਾ ਪ੍ਰਬੰਧ ਵੀ ਕਰਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਅਮੀਰ ਵਿਰਾਸਤ ਬਾਰੇ ਪਤਾ ਲੱਗ ਸਕੇ। ਇਸ ਮੌਕੇ ਪਿੰਡ ਲਈ ਸੰਸਦ ਮੈਂਬਰ ਵੱਲੋਂ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਅਤੇ ਇਸ ਇਤਿਹਾਸਕ ਪਿੰਡ ਦੀਆਂ ਹੋਰ ਲੋੜਾਂ ਲਈ ਹੋਰ ਵੀ ਯਤਨ ਕਰਨ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਅਗਾਂਹਵਧੂ ਅਤੇ ਦੇਸ਼ ਦਾ ਸਭ ਤੋਂ ਵਿਕਸਤ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਅੱਗੇ ਹੋ ਕੇ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਵਾਅਦਿਆਂ ਵਿੱਚੋਂ ਬਹੁਤੇ ਪਿਛਲੇ ਦਿਨਾਂ ਵਿੱਚ ਲਾਗੂ ਕਰ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਐਸ ਡੀ ਐਮ ਮੇਜਰ ਸ਼ਿਵਰਾਜ ਸਿੰਘ ਬੱਲ, ਡੀ ਐਸ ਪੀ ਰਣਜੀਤ ਸਿੰਘ ਬਦੇਸ਼ਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੰਸਦ ਮੈਂਬਰ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਭੇਟ ਕੀਤਾ ਗਿਆ। ਖਟਕੜ ਕਲਾਂ ਵਿਖੇ ਸਾਬਕਾ ਵਧੀਕ ਐਡਵੋਕੇਟ ਜਨਰਲ ਪੰਜਾਬ ਹਰਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਡੀ ਸੀ ਐਨ ਪੀ ਐਸ ਰੰਧਾਵਾ, ਐਸ ਡੀ ਐਮ ਮੇਜਰ ਸ਼ਿਵਰਾਜ ਸਿੰਘ ਬੱਲ, ਡੀ ਐਸ ਪੀ ਸਰਵਣ ਸਿੰਘ ਬੱਲ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਗੁਰਵਿੰਦਰ ਕੌਰ ਸਰਹਾਲ, ਰਾਜਦੀਪ ਸ਼ਰਮਾ, ਸ਼ਿਵ ਕੌੜਾ, ਗਗਨ ਅਗਨੀਹੋਤਰੀ, ਵਿਨੀਤ ਰਾਣਾ, ਸਾਗਰ ਅਰੋੜਾ ਅਤੇ ਪਿੰਡ ਵਾਸੀ ਹਾਜ਼ਰ ਸਨ।