ਪੇਂਡੂ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜ਼ਿੰਪਾ

​​​​​

  • ਕੈਬਨਿਟ ਮੰਤਰੀ ਨੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • ਕਿਹਾ, ਪਿੰਡ ਵਾਸੀਆਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਪਿੰਡਾਂ ਦੇ ਵਿਕਾਸ ਕਾਰਜ 
  • ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ

ਹੁਸ਼ਿਆਰਪੁਰ, 29 ਜਨਵਰੀ : ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਉੱਥੋਂ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਲਈ।  ਉਨ੍ਹਾਂ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪਾਣੀ-ਬਿਜਲੀ, ਜਨ ਸਿਹਤ, ਖੁਰਾਕ ਤੇ ਸਿਵਲ ਸਪਲਾਈ ਸਮੇਤ ਹੋਰ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ। ਪਿੰਡ ਨੰਦਨ, ਨੰਗਲ ਸ਼ਹੀਦਾਂ, ਸਤਿਆਲ, ਕਿਲਾ ਬਰੂਨ, ਬਜਵਾੜਾ, ਸਿੰਘਪੁਰ, ਡਾਡਾ, ਬਿਲਾਸਪੁਰ ਦੇ ਦੌਰੇ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦਾ ਦੌਰਾ ਲੋਕਾਂ ਦੀਆਂ ਸਮੱਸਿਆਵਾਂ  ਦਾ  ਹੱਲ ਕਰਨਾ ਅਤੇ ਉਨ੍ਹਾਂ ਦੀਆਂ ਮੁੱਖ ਮੰਗਾਂ ਸੁਣਨ ਤੋਂ ਬਾਅਦ ਪਿੰਡਾਂ ਵਿੱਚ ਖਰਚ ਹੋਣ ਵਾਲੀ ਵਿਕਾਸ ਗਰਾਂਟ ਦਾ ਐਸਟੀਮੇਟ ਲਗਾਨਾ ਹੈ ਤਾਂ ਜੋ ਪਿੰਡਾਂ ਵਿੱਚ ਜਲਦੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਸਕਣ।  ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਹੀ ਕਰਵਾਏ ਜਾਣਗੇ।  ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਜ਼ਿਆਦਾਤਰ ਮੰਗਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਅਧਿਕਾਰੀਆਂ ਨੂੰ ਯੋਗ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ |  ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਜ਼ਿਆਦਾਤਰ ਲੋਕ ਪਿੰਡਾਂ ਵਿੱਚ ਰਹਿੰਦੇ ਹਨ। ਅਜਿਹੀ ਸਥਿਤੀ ਵਿੱਚ ਪਿੰਡਾਂ ਦੀ ਤਰੱਕੀ ਤੋਂ ਬਿਨਾਂ ਦੇਸ਼ ਅਤੇ ਸਮਾਜ ਦਾ ਵਿਕਾਸ ਸੰਭਵ ਨਹੀਂ ਹੈ।  ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲ ਹੈ। ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਸਰਕਾਰੀ ਸਕੂਲ ਕਿਲਾ ਬਰੂਨ ਦਾ ਵੀ ਦੌਰਾ ਕੀਤਾ ਅਤੇ ਬੱਚਿਆਂ ਦੇ ਨਾਲ ਸਮਾਂ ਬਤੀਤ ਕੀਤਾ। ਉਹਨਾਂ ਸਕੂਲ ਦੇ ਅਧਿਆਪਕ ਦੀਪਕ ਵਸ਼ਿਸ਼ਟ ਨਾਲ ਮਿਲ ਕੇ ਸਕੂਲ ਦੀ ਮੰਗਾ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਵਾਇਆ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਤੋਂ ਜਾਣੂ ਕਰਵਾਇਆ।  ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।  ਉਨ੍ਹਾਂ ਕਿਹਾ ਕਿ ਜਿੱਥੇ ਸਿੱਖਿਆ, ਸਿਹਤ, ਪੀਣ ਵਾਲੇ ਪਾਣੀ ਸਮੇਤ ਸਾਰੇ ਵਿਭਾਗਾਂ ਵਿੱਚ ਇਤਿਹਾਸਕ ਕਾਰਜ ਕੀਤੇ ਜਾ ਰਹੇ ਹਨ, ਉੱਥੇ ਹੀ ਪੇਂਡੂ ਖੇਤਰਾਂ ਦੇ ਵਿਕਾਸ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਪੇਂਡੂ ਖੇਤਰਾਂ ਵਿੱਚ ਵਿਕਾਸ ਨਿਰੰਤਰ ਜਾਰੀ ਰਹਿ ਸਕੇ।  ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।