ਡਿਪਟੀ ਕਮਿਸ਼ਨਰ ਸੀ੍ ਅਮਿਤ ਕੁਮਾਰ ਪੰਚਾਲ ਵੱਲੋੰ ਐਸ. ਜੀ. ਪੀ. ਸੀ. (ਬੋਰਡ) ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ  ਨਿਰਦੇਸ਼

  • ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਕੈਂਪ ਲਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਦੀ ਕੀਤੀ ਹਦਾਇਤ

ਕਪੂਰਥਲਾ, 05 ਅਗਸਤ 2024 : ਡਿਪਟੀ ਕਮਿਸ਼ਨਰ ਸੀ੍ ਅਮਿਤ ਕੁਮਾਰ ਪੰਚਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਆਗਾਮੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵੋਟ ਬਣਾਉਣ ਲਈ ਨਿਰਧਾਰਿਤ ਸ਼ਰਤਾਂ ਅਨੁਸਾਰ ਕੇਸਾਧਾਰੀ ਸਿੱਖ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾਣ।  ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਜ਼, ਐਸ.ਡੀ.ਐਮਜ਼ ਅਤੇ  ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਲਈ ਵੋਟਾਂ ਬਣਾਉਣ ਦੇ ਕਾਰਜ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਲਈ ਹਲਕਿਆਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾ ਕੇ ਵਿਸ਼ੇਸ਼ ਕੈਂਪ ਲਾਏ ਜਾਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਲਕਿਆਂ ਵਿਚ ਬੀ.ਐਲ.ਓਜ਼ ਅਤੇ ਪਟਵਾਰੀਆਂ ਤੋਂ ਵੋਟ ਬਣਾਉਣ ਦੀ ਪ੍ਰਕਿਰਿਆ ਦੀ ਲਗਾਤਾਰ ਰਿਪੋਰਟ ਲੈ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਅਤੇ ਹੋਰਨਾਂ ਸਬੰਧਿਤ ਧਿਰਾਂ ਦੇ ਸਹਿਯੋਗ ਨਾਲ ਵੋਟ ਬਣਾਉਣ ਬਾਰੇ ਜ਼ਮੀਨੀ ਪੱਧਰ ਤੱਕ ਜਾਣਕਾਰੀ ਪੁੱਜਦੀ ਕਰਕੇ ਕੇਸਾਧਾਰੀ ਸਿੱਖਾਂ ਦੇ ਫਾਰਮ ਨੰਬਰ 01 ਭਰਦਿਆਂ ਵੋਟ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ,ਜਿਸ ਤਹਿਤ ਸੋਧੇ ਹੋਏ ਸ਼ਡਿਊਲ ਅਨੁਸਾਰ ਐਸ. ਜੀ. ਪੀ.ਸੀ. ਚੋਣਾਂ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਕੀਤੀ ਜਾਵੇਗੀ, ਜਿਸ ’ਤੇ 29 ਅਕਤੂਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ ਨਿਯਮ, 1959 ਦੇ ਨਿਯਮ 10 (3) ਅਨੁਸਾਰ 8 ਨਵੰਬਰ 2024 ਤੱਕ ਕਰ ਦਿੱਤਾ ਜਾਵੇਗਾ। ਇਸ ਉਪਰੰਤ 25 ਨਵੰਬਰ 2024 ਨੂੰ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ ਅਤੇ 26 ਨਵੰਬਰ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।