ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਕੱਲ੍ਹ (9 ਅਗਸਤ) ਲੱਗੇਗਾ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ

  • ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 9 ਅਗਸਤ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਦੀ ਨਿਗਰਾਨੀ ਕਰਨ ਦੀ ਹਦਾਇਤ
  • ਬੂਥ ਲੈਵਲ ਅਫ਼ਸਰਾਂ ਨੂੰ ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਕਪੂਰਥਲਾ, 8 ਅਗਸਤ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾਣ, ਜਿਸ ਤਹਿਤ ਸ਼ੁੱਕਰਵਾਰ 9 ਅਗਸਤ ਨੂੰ ਬੂਥ ਪੱਧਰ ’ਤੇ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ, ਚੰਡੀਗੜ੍ਹ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਦੇ ਮੱਦੇਨਜ਼ਰ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਮਿਤੀ 16 ਸਤੰਬਰ 2024 ਤੱਕ ਦਾ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 16 ਸਤੰਬਰ 2024 ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ।  ਉਨ੍ਹਾਂ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।