“ਬਹੁਤ ਜਲਦ ਸੂਬੇ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਾਂਗੇ” : ਮੁੱਖ ਮੰਤਰੀ ਭਗਵੰਤ ਮਾਨ

  • ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਲਈ ਜਲੰਧਰ ਪੁੱਜੇ  ਮੁੱਖ ਮੰਤਰੀ ਮਾਨ
  • ਮਾਨ ਸਰਕਾਰ ਵੱਲੋਂ ਨਸ਼ੇ ਦੀ ਦਲਦਲ ‘ਚ ਫ਼ਸੀ ਜਵਾਨੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ

ਜਲੰਧਰ, 16 ਮਈ 2025 : ਪੰਜਾਬ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ। ਜਲੰਧਰ ਦੇ ਫਿਲੌਰ ਸਥਿਤ ਪਿੰਡ ਲਖਨਪਾਲ ਵਿੱਚ ਆਯੋਜਿਤ ਸਮਾਗਮ ਦੌਰਾਨ  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਬਾਕੀ ਕੰਮ ਸਾਡਾ ਹੈ। ਪਿੰਡਾਂ ਵਿੱਚੋਂ ਕੋਈ ਵੀ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਕਰਵਾਉਣ ਨਾ ਜਾਵੇ। ਪੰਜਾਬ ਵਿੱਚ ਬਹੁਤ ਸਾਰੇ ਪਿੰਡ ਹਨ ਜਿੱਥੋਂ ਨਸ਼ਾ ਤਸਕਰ ਚਲੇ ਗਏ ਹਨ। ਉਨ੍ਹਾਂ ਕਿਹਾ “ਨਸ਼ੇ ਦੇ ਖ਼ਾਤਮੇ ਲਈ ਛੇੜੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ‘ਚ ਵੱਡੇ ਪੱਧਰ ‘ਤੇ ‘ਵਿਸ਼ਾਲ ਲੋਕ ਸੰਪਰਕ ਅਭਿਆਨ’ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਰੋਜ਼ਾਨਾ 351 ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਗ੍ਰਾਮ ਸਭਾਵਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੁਡਾਊ ਕੇਂਦਰ ਅਤੇ ਪੀੜਤਾਂ ਦੇ ਪੁਨਰਵਾਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਹਨਾਂ ਦਾ ਸਹੀ ਇਲਾਜ, ਕਾਉਂਸਲਿੰਗ ਤੇ ਉਹਨਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦਿੱਤੀ ਜਾਵੇਗੀ। ਲੋਕਾਂ ਦਾ ਸਾਥ ਸਾਡੇ ਲਈ ਬਹੁਤ ਅਹਿਮ ਹੈ। ਤੁਹਾਡੇ ਸਹਿਯੋਗ ਨਾਲ ਅਸੀਂ ਬਹੁਤ ਜਲਦ ਸੂਬੇ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਾਂਗੇ।” ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਘਰ ਵਿੱਚ ਕੋਈ ਵੀ ਨਸ਼ੇ ਦਾ ਸੇਵਨ ਕਰਦਾ ਹੈ ਤਾਂ ਸਭ ਤੋਂ ਵੱਧ ਨੁਕਸਾਨ ਔਰਤ ਨੂੰ ਹੁੰਦਾ ਹੈ। ਇਸਦਾ ਢਾਂਚਾ ਬਣਾਉਣ ਵਿੱਚ ਸਾਨੂੰ ਲਗਭਗ ਦੋ ਤੋਂ ਢਾਈ ਸਾਲ ਲੱਗੇ। ਅਸੀਂ ਇਸ ‘ਤੇ ਜ਼ਮੀਨੀ ਪੱਧਰ ‘ਤੇ ਕੰਮ ਕੀਤਾ। ਨਸ਼ੇ ਤੋਂ ਛੁਟਕਾਰਾ ਪਾਉਣ ਲਈ ਸ਼ੁਰੂ ਤੋਂ ਲੈ ਕੇ ਅੰਤ ਤੱਕ ਪ੍ਰਬੰਧ ਕੀਤੇ ਗਏ ਸਨ। ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ‘ਤੇ ਪੋਸਟ ਕੀਤਾ, “ਪੰਜਾਬ ਪੁਲਿਸ ਅਤੇ ਸਰਕਾਰ ਨੇ ਪਿਛਲੇ ਢਾਈ ਮਹੀਨਿਆਂ ‘ਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਪਰ ਹੁਣ ਇਹ ਲੜਾਈ ਇੱਕ ਜਨ ਲਹਿਰ ਬਣ ਜਾਵੇਗੀ। ਹਰ ਪਿੰਡ ਅਤੇ ਵਾਰਡ ਦੇ ਲੋਕ ਸਹੁੰ ਚੁੱਕਣਗੇ – ਉਹ ਖੁਦ ਨਸ਼ੇ ਦਾ ਸੇਵਨ ਨਹੀਂ ਕਰਨਗੇ, ਨਸ਼ੇ ਵੇਚਣ ਨਹੀਂ ਦੇਣਗੇ ਅਤੇ ਨਸ਼ੇ ਦੇ ਆਦੀਆਂ ਦਾ ਇਲਾਜ ਕਰਨਗੇ।” ਪੰਜਾਬ ਸਰਕਾਰ ਦੀ ਇਸ ਮੁਹਿੰਮ ‘ਚ ਪੰਚਾਇਤਾਂ, ਗ੍ਰਾਮ ਰੱਖਿਆ ਕਮੇਟੀਆਂ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਿਲ ਕੇ ਕੰਮ ਕਰਨਗੇ। ਇਹ 2 ਤੋਂ 4 ਮਈ ਦੇ ਵਿਚਕਾਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੀਟਿੰਗਾਂ ਕੀਤੀਆਂ ਗਈਆਂ, ਜਿਸ ‘ਚ ਸਥਾਨਕ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਮੁਹਿੰਮ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ ਗਿਆ। ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਿਰਫ਼ ਕਾਨੂੰਨ ਰਾਹੀਂ ਨਸ਼ੇ ਨੂੰ ਰੋਕਣਾ ਨਹੀਂ ਹੈ, ਸਗੋਂ ਜਨਤਕ ਭਾਗੀਦਾਰੀ ਰਾਹੀਂ ਸਮਾਜਿਕ ਤਬਦੀਲੀ ਲਿਆਉਣਾ ਵੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ, ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਹੈ ਜਿਸ ‘ਤੇ ਨਾਗਰਿਕ ਨਸ਼ਾ ਤਸਕਰੀ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ। ਇਸ ਦੇ ਨਾਲ ਹੀ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਸੂਬੇ ਭਰ ‘ਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਪ੍ਰਣਾਲੀ ਨੂੰ ਮਜ਼ਬੂਤ ​​ਕੀਤਾ ਗਿਆ ਹੈ।