ਪੀੜਤ ਵਿਦਿਆਰਥੀਆਂ ਨੂੰ ਅਪਣਾ ਪੱਖ ਰੱਖਣਾ ਦਾ ਮੌਕਾ ਦਿਤਾ ਜਾਵੇਗਾ : ਪ੍ਰਧਾਨ ਮੰਤਰੀ ਟਰੂਡੋ 

ਟੋਰਾਂਟੋ, 08 ਜੂਨ : ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਇਨ੍ਹਾਂ ਵਿਦਿਆਰਤੀਆਂ ਦੇ ਵਿਦਿਅਕ ਅਦਾਰਿਆਂ ਵਿਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਇਨ੍ਹਾਂ ਵਿਦਿਆਰਥੀਆਂ ਦੇ ਹੱਕ 'ਚ ਭਾਰਤੀ ਵਿਦਿਆਰਥੀਆਂ ਵਲੋਂ ਕੈਨੇਡਾ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਤਾ ਹੈ ਕਿ ਪੀੜਤ ਵਿਦਿਆਰਥੀਆਂ ਨੂੰ ਅਪਣਾ ਪੱਖ ਰੱਖਣਾ ਦਾ ਮੌਕਾ ਦਿਤਾ ਜਾਵੇਗਾ। ਦਰਅਸਲ ਕੈਨੇਡਾ ਦੀ ਪਾਰਲੀਮੈਂਟ ਵਿਚ ਨਿਊ ਡੈਮੋਕਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਜਵਾਬ ਮੰਗਿਆ ਹੈ। ਜਗਮੀਤ ਸਿੰਘ ਨੇ ਪੁਛਿਆ ਕਿ ਕੀ? ਉਹ ਇਨ੍ਹਾਂ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਨੂੰ ਰੋਕਣਗੇ? ਇਸ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਟਰੂਡੋ ਨੇ ਸੰਸਦ ਵਿਚ ਕਿਹਾ- ਅਸੀਂ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਜ਼ਾ ਦੇਣਾ ਚਾਹੁੰਦੇ ਹਾਂ। ਕਿਸੇ ਵੀ ਪੀੜਤ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਅਸੀਂ ਵਿਦਿਆਰਥੀਆਂ ਨੂੰ ਕੇਸ ਅਤੇ ਇਸ ਨਾਲ ਸਬੰਧਤ ਸਬੂਤ ਪੇਸ਼ ਕਰਨ ਦਾ ਪੂਰਾ ਮੌਕਾ ਦੇਵਾਂਗੇ। ਅੰਤਰਰਾਸ਼ਟਰੀ ਵਿਦਿਆਰਥੀ ਸਾਡੇ ਦੇਸ਼ ਦੀ ਪੂੰਜੀ ਹਨ। ਉਹ ਕੈਨੇਡਾ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਸੀਂ ਹਰੇਕ ਮਾਮਲੇ ਦਾ ਮੁਲਾਂਕਰ ਕਰ ਰਹੇ ਹਾਂ। ਟਰੂਡੋ ਨੇ ਕਿਹਾ, "ਅਸੀਂ ਕੌਮਾਂਤਰੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਮਾਮਲੇ ਤੋਂ ਡੂੰਘਾਈ ਨਾਲ ਜਾਣੂ ਹਾਂ। ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨ 'ਤੇ ਹੈ"।