ਸ਼ਹੀਦੀ ਦਿਹਾੜਾ ਮਨਾਉਣ ਲਈ 846 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਹੁੰਚਿਆ

ਲਾਹੌਰ, 9 ਜੂਨ : ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਜੋੜ ਮੇਲੇ ਲਈ ਭਾਰਤ ਤੋਂ 846 ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ਨਿਚਰਵਾਰ ਨੂੰ ਪਾਕਿਸਤਾਨ ਪੁੱਜ ਗਿਆ। ਸ਼ਹੀਦੀ ਦਿਹਾੜਾ 15 ਜੂਨ ਤੋਂ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ’ਚ ਮਨਾਇਆ ਜਾਵੇਗਾ। ਇਵੈਕਿਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਅਧਿਕਾਰੀ ਗੁਲਾਮ ਮੋਹੀਉਦੀਨ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਈਟੀਪੀਬੀ ਦੇ ਸੀਨੀਅਰ ਅਧਿਕਾਰੀਆਂ ਨੇ ਵਾਹਗਾ ਸਰਹੱਦ ’ਤੇ 846 ਸ਼ਰਧਾਲੂਆਂ ਦਾ ਸਵਾਗਤ ਕੀਤਾ। ਸਿੱਖ ਸ਼ਰਧਾਲੂਆਂ ਦੇ ਵਫ਼ਦ ਦੀ ਅਗਵਾਈ ਕਰਨ ਵਾਲੇ ਗੁਰਬਚਨ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਦੀ ਜ਼ਮੀਨ ਦੇ ਦਰਸ਼ਨ ਹੋਣਗੇ। ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇੱਥੇ ਅਪਣਾਪਣ ਜਿਹਾ ਮਹਿਸੂਸ ਹੁੰਦਾ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਪਹਿਲੇ ਸਿੱਖ ਮੰਤਰੀ ਅਰੋੜਾ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਈਟੀਪੀਬੀ ਵੱਲੋਂ ਕੀਤੇ ਗਏ ਹਨ। ਜੋ ਦੇਸ਼ ਵਿਚ ਘੱਟ ਗਿਣਤੀਆਂ ਦੇ ਮਾਮਲਿਆਂ ਦੀ ਦੇਖਭਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ ਅਤੇ ਮੈਡੀਕਲ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਲਾਹੌਰ ਪਹੁੰਚਣ ਤੋਂ ਤੁਰਤ  ਬਾਅਦ ਭਾਰਤੀ ਸਿੱਖ ਸ਼ਰਧਾਲੂ ਲਾਹੌਰ ਤੋਂ ਕਰੀਬ 400 ਕਿਲੋਮੀਟਰ ਉੱਤਰ-ਪੱਛਮ ’ਚ ਹਸਨਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਲਈ ਰਵਾਨਾ ਹੋ ਗਏ। ਅਪਣੀ 10 ਦਿਨਾਂ ਯਾਤਰਾ ਦੌਰਾਨ ਭਾਰਤੀ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਫਰੂਕਾਬਾਦ; ਗੁਰਦੁਆਰਾ ਕਰਤਾਰਪੁਰ ਸਾਹਿਬ, ਨਾਰੋਵਾਲ ਅਤੇ ਗੁਰਦੁਆਰਾ ਰੋਹਰੀ ਸਾਹਿਬ, ਅਮੀਨਾਬਾਦ ਦੇ ਦਰਸ਼ਨ ਲਈ ਜਾਣਗੇ। ਉਹ 17 ਜੂਨ ਨੂੰ ਵਾਪਸ ਆਉਣਗੇ।