ਕੇਨੀਬਾ, 28 ਫਰਵਰੀ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲੇ ਸਕੂਲਾਂ ਖਿਲਾਫ ਸੂਬਾ ਸਰਕਾਰਾਂ ਨੇ ਕਾਰਵਾਈ ਨਾ ਕੀਤੀ ਤਾਂ ਫੈਡਰਲ ਸਰਕਾਰ ਉਨ੍ਹਾਂ ਖਿਲਾਫ ਐਕਸ਼ਨ ਲਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਲੁੱਟ-ਘਸੁੱਟ ਕਰਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਓਟਵਾ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਦਾ ਸ਼ੋਸ਼ਣ ਕਰਨ ਵਾਲੇ ਸ਼ੱਕੀ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਲਈ ਤਿਆਰ ਹੈ। ਮਿੱਲਰ ਨੇ ਕਿਹਾ ਕਿ ਕਿਹਾ ਕਿ ਅਜਿਹੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਇਹ ਸਾਰੀ ਗੱਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਿੱਲਰ ਵੱਲੋਂ ਪਾਰਲੀਮੈਂਟ ਵਿਚ ਕਹੀ ਗਈ ਤੇ ਨਾਲ ਹੀ ਕਿਹਾ ਗਿਆ ਕਿ ਅਜਿਹੇ ਅਪਰਾਧੀ ਪ੍ਰਾਈਵੇਟ ਸੈਕਟਰ ਵਿਚ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਸ਼ੱਕੀ ਵਿੱਦਿਅਕ ਅਦਾਰਿਆਂ ਖਿਲਾਫ ਕਾਰਵਾਈ ਕਰਨ ਵਿਚ ਅਸਮਰਥ ਹਨ ਤਾਂ ਓਟਵਾ ਸਰਕਾਰ ਉਨ੍ਹਾਂ ਵਿਰੁੱਧ ਕਦਮ ਚੁੱਕਣ ਲਈ ਤਿਆਰ ਹੈ। ਮਿੱਲਰ ਨੇ ਦੱਸਿਆ ਕਿ ਕੈਨੇਡਾ ਵਿਚ ਪੜ੍ਹਨ ਲਈ ਵੀਜ਼ਾ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ 900,000 ਤੋਂ ਵੱਧ ਗਈ, ਜੋ ਪਿਛਲੇ ਸਮੇਂ ਨਾਲੋਂ ਤਿੰਨ ਗੁਣਾ ਵੱਧ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਵਿੱਚ ਵਾਧੇ ਨੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਦੀ ਜਾਂਚ ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਲਿਬਰਲਾਂ ਨੂੰ ਅਗਲੇ ਦੋ ਸਾਲਾਂ ਲਈ ਨਵੇਂ ਅਧਿਐਨ ਪਰਮਿਟਾਂ ‘ਤੇ ਕੈਪ ਲਗਾਉਣ ਲਈ ਪ੍ਰੇਰਿਆ ਗਿਆ ਹੈ।