- ਪ੍ਰੋਜੈਕਟ ਵਿੱਚ 6ਐਮ.ਐਲ.ਡੀ ਦਾ ਐਸ.ਟੀ.ਪੀ ਅਤੇ 17 ਐਮ.ਐਲ.ਡੀ ਦਾ ਮੁੱਖ ਪੰਪਿੰਗ ਸਟੇਸ਼ਨ ਸ਼ਾਮਲ
ਅੰਮ੍ਰਿਤਸਰ, 28 ਜੂਨ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6 ਐਮ.ਐਲ.ਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ 17 ਐਮ.ਐਲ.ਡੀ ਦਾ ਇੱਕ ਮੁੱਖ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਕਿਲੋਮੀਟਰ ਲੰਬੀ 900 ਐਮਐਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ। ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਖਾਸ ਕਰਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ ਵਿੱਚ ਸੁਧਾਰ ਹੋਵੇਗਾ ਸਗੋਂ ਪ੍ਰਦੂਸ਼ਣ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਟੀ.ਪੀ. ਦੁਆਰਾ ਸਾਫ ਕੀਤੇ ਪਾਣੀ ਨੂੰ ਅੱਗੇ ਸਿੰਚਾਈ ਆਦਿ ਦੇ ਮੰਤਵ ਲਈ ਵਰਤਿਆ ਜਾਵੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਅਤੇ ਜੇਈ ਕੁਲਬੀਰ ਸਿੰਘ ਹਾਜ਼ਰ ਸਨ।