
- ਬਲਾਕ ਬਟਾਲਾ ਦੇ ਖੇਤੀ ਅਧਿਕਾਰੀਆਂ ਨਾਲ ਮੀਟਿੰਗ਼ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ
ਬਟਾਲਾ, 3 ਫਰਵਰੀ 2025 : ਬਲਾਕ ਬਟਾਲਾ ਵਿਚ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਸਟਾਫ਼ ਮੀਟਿੰਗ ਸਥਾਨਕ ਬਲਾਕ ਖ਼ੇਤੀਬਾੜੀ ਦਫਤਰ,ਬਟਾਲਾ ਵਿਚ ਕੀਤੀ ਗਈ ਜਿਸ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਵਲੋਂ ਕੀਤੀ ਗਈ। ਮੀਟਿੰਗ ਵਿੱਚ ਡਾ. ਪਰਮਬੀਰ ਸਿੰਘ ਕਾਹਲੋ, ਡਾਕਟਰ ਸੁਖਬੀਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ,ਡਾ. ਪ੍ਰਭਜੋਤ ਸਿੰਘ ਡਿਪਟੀ ਪ੍ਰੋਜੈਕਟ ਆਤਮਾ, ਡਾ.ਕਮਲਜੀਤ ਕੌਰ,ਡਾ. ਪਰਮਬੀਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਤਕ ਨਵੀਨਤਮ ਖੇਤੀ ਤਕਨੀਕਾਂ ਪਹੁੰਚਾਉਣ ਲਈ ਹਰ ਹਫ਼ਤੇ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਹਰੇਕ ਸਰਕਲ ਇੰਚਾਰਜ ਵਲੋਂ ਕਿਸੇ ਇੱਕ ਪਿੰਡ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਇਆ ਕਰਨਗੇ, ਜਿਸ ਬਾਰੇ ਸਬੰਧਤ ਪਿੰਡ ਦੇ ਸਰਪੰਚ/ ਨੰਬਰਦਾਰ ਜਾਂ ਮੁਹਤਬਰ ਵਿਅਕਤੀਆਂ ਨੂੰ ਅਗਾਹੁ ਸੂਚਿਤ ਕੀਤਾ ਜਾਵੇ ਤਾਂ ਜੋਂ ਵੱਧ ਤੋਂ ਵੱਧ ਕਿਸਾਨਾਂ ਤੱਕ ਨਵੀਨਤਮ ਤਕਨੀਕਾਂ ਪਹੁੰਚਾਈਆਂ ਜਾ ਸਕਣ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਤਹਿਤ ਖੇਤੀ ਸਮਗਰੀ ਦੀਆਂ ਦੁਕਾਨਾਂ ਦੀ ਚੈਕਿੰਗ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੇ ਸੈਂਪਲ ਭਰੇ ਜਾ ਰਹੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਖੇਤੀ ਮਾਹਿਰਾਂ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋਂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਧਾਈ ਜਾ ਸਕੇ। ਉਨਾਂ ਸਮੂਹ ਖੇਤੀ ਅਧਿਕਾਰੀਆਂ ਨੂੰ ਕਿਸਾਨੀ ਪ੍ਰਤੀ ਆਪਣੇ ਫਰਜ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਲਈ ਹਦਾਇਤਾਂ ਜਾਰੀ ਕੀਤੀਆਂ।