- ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕਰਵਾਏ ਗਏ ਕੇਸਾਂ ਦੇ ਫੈਸਲੇ
- ਲੋਕਾਂ ਦਾ ਸਮਾਂ ਤੇ ਧੰਨ ਬਚਾਉਣ ਦੇ ਨਾਲ ਦੁਸ਼ਮਣੀ ਵੀ ਖਤਮ ਕਰਦੀਆਂ ਹਨ ਲੋਕ ਅਦਾਲਤਾਂ - ਜ਼ਿਲ੍ਹਾ ਤੇ ਸੈਸ਼ਨ ਜੱਜ
ਗੁਰਦਾਸਪੁਰ, 9 ਸਤੰਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਿਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਗੁਰਦਾਸਪੁਰ ਅਤੇ ਬਟਾਲਾ ਵਿਖੇ ਨਿਆਂਇਕ ਅਧਿਕਾਰੀਆਂ ਦੇ ਕੁੱਲ 14 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਊਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਕ ਝਗੜੇ ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਟਿਵ ਕੇਸ ਜਿਵੇਂ ਪਰਿਵਾਰਕ ਝਗੜੇ ਆਦਿ ਕੇਸਾਂ ਦੀ ਸੁਣਵਾਈ ਵੀ ਕੀਤੀ ਗਈ। ਨੈਸ਼ਨਲ ਲੋਕ ਅਦਾਲਤ ਦੌਰਾਨ ਪ੍ਰੀ-ਲਿਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਗਏ। ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 5749 ਕੇਸ ਜੋ ਕਿ ਕੋਰਟਾਂ ਵਿੱਚ ਲੰਬਿਤ ਸਨ, ਸੁਣਵਾਈ ਲਈ ਰੱਖੇ ਜਿਨ੍ਹਾਂ ਵਿਚੋਂ 3523 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਇਸ ਤੋਂ ਇਲਾਵਾ 801 ਪ੍ਰੀ-ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ। ਇਸ ਤਰਾਂ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 4324 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 242092281 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਲੋਕ ਅਦਾਲਤਾਂ ਰਾਹੀਂ ਫੈਸਲਾ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਵਿੱਚ ਲਗਾਈ ਗਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਅੱਜ ਦੀ ਨੈਸ਼ਨਲ ਲੋਕ ਅਦਾਲਤ ਦੌਰਾਨ ਲੱਗੇ ਵੱਖ-ਵੱਖ ਬੈਂਚਾਂ ਦਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਸੁਮਿਤ ਭੱਲਾ ਵੱਲੋਂ ਵਿਸ਼ੇਸ਼ ਦੌਰਾ ਕਰਕੇ ਕੇਸਾਂ ਦੀ ਸੁਣਵਾਈ ਦੀ ਚੱਲ ਰਹੀ ਕਾਰਵਾਈ ਦਾ ਜਾਇਜਾ ਲਿਆ ਗਿਆ।