- ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ : ਧਾਲੀਵਾਲ
- ਕੈਂਪ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਜਰੂਰੀ ਸੇਵਾਵਾਂ : ਡਿਪਟੀ ਕਮਿਸ਼ਨਰ
- ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ
ਅੰਮ੍ਰਿਤਸਰ, 11 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹਰੇਕ ਸਬ ਡਵੀਜਨ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਲੋਕਾਂ ਨੂੰ ਇੰਨਾ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਅਜਨਾਲਾ ਵਿਖੇ ਲਗਾਏ ਕੈਂਪ ਦਾ ਦੌਰਾ ਕਰਨ ਪੁੱਜੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇੰਨਾਂ ਕੈਂਪਾਂ ਦਾ ਲਾਭ ਇਹ ਹੈ ਕਿ ਸਾਰੇ ਲੋੜ ਵਾਲੇ ਸਰਕਾਰੀ ਕਰਮਚਾਰੀ ਤੇ ਅਧਿਕਾਰੀ ਮੌਕੇ ਉਤੇ ਹਾਜ਼ਰ ਹੁੰਦੇ ਹਨ, ਜਿਸ ਨਾਲ ਮੌਕੇ ਉਤੇ ਕੰਮ ਹੋ ਜਾਂਦੇ ਹਨ, ਜੋ ਕਿ ਲੋਕਾਂ ਦੀ ਖੱਜ਼ਲ ਖੁਆਰੀ ਘੱਟ ਕਰਦੇ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਪ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਾਡਾ ਹਰ ਕੰਮ ਲੋਕ ਸੇਵਾ ਲਈ ਹੈ। ਉਨਾਂ ਕਿਹਾ ਕਿ ਭਵਿੱਖ ਵਿਚ ਇਹ ਕੈਂਪ ਇਸੇ ਤਰਾਂ ਜਾਰੀ ਰਹਿਣਗੇ ਅਤੇ ਜਿਸ ਵੀ ਇਲਾਕੇ ਵਿਚ ਕੈਂਪ ਲੱਗੇ ਲੋਕ ਉਥੇ ਪਹੁੰਚ ਕੇ ਇਸ ਦਾ ਲਾਹਾ ਜਰੂਰ ਲੈਣ। ਇਸ ਮੌਕੇ ਬੋਲਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਹੈ। ਕੈਂਪ ਵਿਚ ਕੁੱਝ ਸੇਵਾਵਾਂ ਦੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ, ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਇਸ ਮੌਕੇ ਉਨਾਂ ਬੀਤੀ ਦਿਨੀ ਰਾਜਾਸਾਂਸੀ ਨੇੜੇ ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਵਜੋਂ ਚੈਕ ਦਿੱਤੇ। ਉਨਾਂ ਨੇ ਕਿਹਾ ਕਿ ਛੇਤੀ ਹੀ ਮੁੱਖ ਮੰਤਰੀ ਪੰਜਾਬ ਵਲੋਂ 2-2 ਲੱਖ ਰੁਪਏ ਦੀ ਹੋਰ ਸਹਾਇਤਾ ਰਾਸ਼ੀ ਵੀ ਇਨਾਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਅੱਜ ਅਜਨਾਲਾ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲੇ੍ਹ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨਸ਼ੇ ਦੇ ਖਾਤਮੇ ਲਈ ਲੋਕਾਂ ਤੋਂ ਸਾਥ ਮੰਗਿਆ। ਉਨਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਬਹੁਤ ਜਰੂਰੀ ਹੈ ਤਾਂ ਹੀ ਨਸ਼ੇ ਦੀ ਸਮਗਲਿੰਗ, ਸਪਲਾਈ ਤੇ ਮੰਗ ਰੁਕ ਸਕਦੀ ਹੈ। ਸ੍ਰੀ ਥੋਰੀ ਨੇ ਇਸ ਮੌਕੇ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਇਸ ਮੌਕੇ ਐਸ ਡੀ ਐਮ ਸ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਕਰੀਬ 400 ਤੋਂ ਵੱਧ ਲੋਕਾਂ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਰਾਬਤਾ ਕਾਇਮ ਕੀਤਾ ਗਿਆ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਗਈ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਨੂੰ ਤੁਰੰਤ ਹੀ ਸਰਕਾਰੀ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾਵੇਗਾ।