- ਕਿਹਾ-ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਕੀਤਾ ਗਿਆ ਹੈ ਨਿਰਧਾਰਿਤ
ਗੁਰਦਾਸਪੁਰ, 16 ਅਕਤੂਬਰ 2024 : ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਸੁਰਿੰਦਰ ਸਿੰਘ ਵਲੋਂ ਦੀਵਾਲੀ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਅਧਿਕਾਰੀਆਂ ਨਾਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ, ਅਧਿਕਾਰੀ ਮੋਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਕਾਰਪੋਰੇਸ਼ਨ, ਐਸ.ਡੀ.ਐਮਜ ਅਤੇ ਈ.ਓਜ਼ ਨੂੰ ਕਿਹਾ ਕਿ ਉਹ ਮਾਣਯੋਗ ਹਾਈਕੋਰਟ ਦੀਆਂ ਹਦਾਇਤਾਂ ਤਹਿਤ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਕਾਰਵਾਈ ਕਰਨ। ਉਨ੍ਹਾਂ ਪਟਾਖੇ ਵੇਚਣ ਵਾਲੀਆਂ ਦੁਕਾਨਾਂ, ਨੋ ਸਮੋਕਿੰਗ ਜੋਨ ਖੇਤਰ, ਸਾਈਲੈਂਸ ਜੋਨ, ਗੱਡੀਆਂ ਦੀ ਪਾਰਕਿੰਗ, ਹੋਲਸੇਲ ਦੁਕਾਨਾਂ ਅਤੇ ਆਨ ਲਾਈਨ ਪਟਾਖੇ ਨਾ ਵੇਚੇ ਜਾਣ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਮਾਣਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਉਚ ਅਦਾਲਤ ਦੇ ਹੁਕਮਾਂ ਮੁਤਾਬਕ ਹੀ ਆਮ ਲੋਕ, ਪਟਾਕੇ ਕੇਵਲ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਉਣ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਜਿੱਥੇ ਵਾਤਾਵਰਣ 'ਤੇ ਮਾੜੇ ਪ੍ਰਭਾਵ ਪੈਂਦੇ ਹਨ, ਉਥੇ ਹੀ ਇਨ੍ਹਾਂ ਦੀ ਆਵਾਜ ਤੇ ਪ੍ਰਦੂਸਨ ਦਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਲਈ ਜਿੰਨ੍ਹਾ ਸੰਭਵ ਹੋ ਸਕੇ ਆਮ ਲੋਕ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ ਅਤੇ ਗਰੀਨ ਦੀਵਾਲੀ ਮਨਾਉਣ।