
ਅੰਮ੍ਰਿਤਸਰ, 18 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਸੀ ਦੇਣਾ ਚਾਹੀਦਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੀਫ ਖਾਲਸਾ ਦੀਵਾਨ ਵਿਖੇ ਰੱਖੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਅਸਤੀਫਾ ਦੇਣਾ ਦੁੱਖਦਾਈਕ ਹੈ, ਉਨ੍ਹਾਂ ਇਹ ਅਸਤੀਫਾ ਦਬਾਅ ਹੇਠ ਦਿੱਤਾ ਹੈ, ਜੋ ਉਨ੍ਹਾਂ ਦੇ ਚੇਹਰੇ ਤੋਂ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਧਾਮੀ ਵੱਲੋਂ ਸੱਤ ਮੈਂਬਰੀ ਕਮੇਟੀ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਗ਼ਲਤ ਦੱਸਿਆ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਸ ਕਮੇਟੀ ਤੋਂ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ, ਕਿਉਂਕਿ ਉਹ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਸੀ ਅਤੇ ਉੱਥੋਂ ਦਿੱਤੀ ਗਈ ਸੇਵਾ ਪੰਥ ਦੀ ਸੇਵਾ ਸੀ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਪਣੇ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਜੋ ਵੀ ਕਾਰਵਾਈ ਕੀਤੀ ਗਈ ਹੈ, ਉਹ ਪੂਰੀ ਤਰ੍ਹਾਂ ਇੱਕ ਸਕ੍ਰਿਪਟ ਤਿਆਰ ਕਰ ਕੇ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁਖੀ ਵੱਲੋਂ ਦਿੱਤਾ ਗਿਆ ਅਸਤੀਫ਼ਾ ਵੀ ਇਸੇ ਦਾ ਇੱਕ ਹਿੱਸਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ’ਚ ਛੋਟੀ ਉਮਰ ਦੇ ਬੱਚਿਆਂ ਨੂੰ ਸਕਿੱਲ ਚੇਂਜ ਹੋ ਰਿਹਾ ਨਾਲ ਜੋੜਨ ਵਾਸਤੇ ਡਾਕਟਰ ਇੰਦਰਬੀਰ ਸਿੰਘ ਵੱਲੋਂ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ, ਜਿਸ ਵਾਸਤੇ ਇੱਥੇ ਪਹੁੰਚੇ ਹਾਂ।