- ਡਿਪਟੀ ਕਮਿਸ਼ਨਰ ਨੇ ਰਾਹਤ ਕੇਂਦਰ ਵਿੱਚ ਰਹਿ ਰਹੇ ਪਰਿਵਾਰਾਂ ਦਾ ਹਾਲ ਜਾਣਿਆ
ਗੁਰਦਾਸਪੁਰ, 18 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਦੇ ਵਸਨੀਕਾਂ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਥਾਪਤ ਕੀਤੇ ਰਾਹਤ ਕੇਂਦਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੁਰਾਣਾ ਸ਼ਾਲਾ ਦੇ ਇਸ ਰਾਹਤ ਕੇਂਦਰ ਵਿੱਚ ਔਰਤਾਂ, ਬੱਚਿਆਂ ਸਮੇਤ ਕੁੱਲ 37 ਵਿਅਕਤੀ ਰੁਕੇ ਹੋਏ ਹਨ ਜਿਨ੍ਹਾਂ ਦੀ ਹਰ ਸਹੂਲਤ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਖਿਆਲ ਰੱਖਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਹਤ ਕੈਂਪ ਵਿੱਚ ਰਹਿ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ ਅਤੇ ਉਨ੍ਹਾਂ ਦਾ ਹਾਲ ਜਾਣਿਆ । ਇਸ ਮੌਕੇ ਉਨ੍ਹਾਂ ਰਾਹਤ ਕੈਂਪ ਵਿੱਚ ਰੁਕੀਆਂ ਬੀਬੀਆਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜ੍ਹੀ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਰਾਹਤ ਕੈਂਪ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਹਾਲਾਤ ਆਮ ਵਰਗੇ ਹੋ ਜਾਣਗੇ ਅਤੇ ਇਹ ਸਾਰੇ ਪਰਿਵਾਰ ਦੁਬਾਰਾ ਆਪਣੇ ਘਰਾਂ ਨੂੰ ਚਲੇ ਜਾਣਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਹਤ ਕੈਂਪ ਵਿੱਚ ਰੁਕੇ ਹੋਏ ਪਰਿਵਾਰਾਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿੰਨੇ ਟਾਈਮ ਖਾਣਾ ਦੇਣ ਤੋਂ ਇਲਾਵਾ ਚਾਹ-ਪਾਣੀ ਆਦਿ ਵੀ ਦਿੱਤਾ ਜਾ ਰਿਹਾ ਹੈ। ਬਿਜਲੀ ਪਾਣੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਥੇ ਵਿਸ਼ੇਸ਼ ਤੌਰ ’ਤੇ ਸਿਹਤ ਵਿਭਾਗ ਅਤੇ ਭਾਰਤੀ ਫੌਜ ਵੱਲੋਂ ਆਪਣੇ ਮੈਡੀਕਲ ਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਲੋੜ ਪੈਣ ’ਤੇ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ।