ਅੰਮ੍ਰਿਤਸਰ, 18 ਜਨਵਰੀ : ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਨੇ ਵਿਦੇਸ਼ ਵਿਚ ਰਹਿੰਦਿਆਂ ਸਿੱਖ ਪਛਾਣ ਨੂੰ ਉੱਚਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਲੀਵਾਲ ਜਿਥੇ ਵਿਦੇਸ਼ ਅੰਦਰ ਸਮਾਜਿਕ ਕਾਰਜਾਂ ਵਿਚ ਅੱਗੇ ਹੋ ਕੇ ਸੇਵਾ ਕਰਦੇ ਹਨ, ਉਥੇ ਉਨ੍ਹਾਂ ਵਿਦੇਸ਼ ਰਹਿੰਦਿਆਂ ਭਾਰਤ ਵਿਚ ਵੀ ਵੱਡੀਆਂ ਸੇਵਾਵਾਂ ਕੀਤੀਆਂ ਹਨ। ਇਸ ਮੌਕੇ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਵਾਸੀ ਭਾਰਤੀ ਪੁਰਸਕਾਰ ਮਿਲਿਆ ਹੈ, ਜਿਸ ’ਤੇ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਚਰਨਜੀਤ ਸਿੰਘ ਧਾਲੀਵਾਲ, ਬਾਬਾ ਭੁਪਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।