ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ 

ਅੰਮ੍ਰਿਤਸਰ, 7 ਮਈ 2025 : ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਅਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ-ਪਾਕਿਸਤਾਨ ਵਿਚ ਤਲਖ਼ ਹਾਲਾਤਾਂ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿਖੇ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਅੰਮ੍ਰਿਤਸਰ, ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾ: ਛੇਵੀਂ ਹੁਸ਼ਿਆਰਨਗਰ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਅੰਮ੍ਰਿਤਸਰ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਤਰਨ ਤਰਨ, ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਤਰਨ ਤਾਰਨ, ਗੁਰਦੁਆਰਾ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜੀਦਪੁਰ ਫਿਰੋਜ਼ਪੁਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਠੱਠਾ ਤਰਨ ਤਾਰਨ, ਗੁਰਦੁਆਰਾ ਬਾਬਾ ਬੁੱਢਾ ਜੀ ਤੇਜਾ ਕਲਾਂ ਗੁਰਦਾਸਪੁਰ, ਗੁਰਦੁਆਰਾ ਸੰਨ੍ਹ ਸਾਹਿਬ ਪਿੰਡ ਬਾਸਰਕੇ ਗਿਲਾਂ ਅੰਮ੍ਰਿਤਸਰ ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ, ਗੁਰੂ ਕਾ ਬਾਗ ਘੁੱਕੇਵਾਲੀ ਅੰਮ੍ਰਿਤਸਰ ਦੇ ਮੈਨੇਜਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।