- ਸਮੂਹ ਮਾਲ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
ਤਰਨ ਤਾਰਨ, 05 ਸਤੰਬਰ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਪਿਛਲ਼ੇ ਦਿਨਾਂ ਦੌਰਾਨ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਲੱਗਭੱਗ 24 ਕਰੋੜ 80 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਸਮੂਹ ਮਾਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੁੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਲੱਗਭੱਗ 2 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪ੍ਰਭਾਵਿਤ ਕਿਸਾਨਾਂ ਨੂੰ ਉਹਨਾਂ ਦੇ ਖਾਤਿਆਂ ਵਿੱਚ ਆੱਨਲਾਈਨ ਅਦਾਇਗੀ ਰਾਹੀਂ ਕੀਤੀ ਜਾ ਚੁੱਕੀ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਡੀ. ਐੱਮਜ਼ ਸਮੇਤ ਸਮੂਹ ਮਾਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦੀ ਤੋਂ ਜਲਦੀ ਰਾਹਤ ਪਹੁੰਚਾਈ ਜਾ ਸਕੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗਭੱਗ 36 ਹਜ਼ਾਰ ਤੋਂ ਵੱਧ ਏਕੜ ਰਕਬਾ ਖਰਾਬੇ ਹੇਠ ਆਉਣ ਦਾ ਅਨੁਮਾਨ ਹੈ।ਉਹਨਾਂ ਦੱਸਿਆ ਕਿ ਸਬ-ਡਵੀਜ਼ਨ ਤਰਨ ਤਾਰਨ ਵਿੱਚ ਖਰਾਬੇ ਹੇਠ ਆਉਣ ਵਾਲਾ ਅਨੁਮਾਨਿਤ ਰਕਬਾ 5323 ਏਕੜ, ਸਬ-ਡਵੀਜ਼ਨ ਪੱਟੀ ਵਿੱਚ 19148 ਏਕੜ ਅਤੇ ਸਬ-ਡਵੀਜ਼ਨ ਖਡੂਰ ਸਾਹਿਬ ਵਿੱਚ ਲੱਗਭੱਗ 12000 ਏਕੜ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਬ-ਡਵੀਜ਼ਨ ਤਰਨ ਤਾਰਨ ਲਈ 3 ਕਰੋੜ 61 ਲੱਖ 96 ਹਜ਼ਾਰ 400 ਰੁਪਏ, ਸਬ-ਡਵੀਜ਼ਨ ਪੱਟੀ ਲਈ 13 ਕੋਰੜ 02 ਲੱਖ 6 ਹਜ਼ਾਰ 400 ਰੁਪਏ ਅਤੇ ਸਬ-ਡਵੀਜ਼ਨ ਖਡੂਰ ਸਾਹਿਬ ਲਈ 8 ਕਰੋੜ 16 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਬਣਦੀ ਮੁਆਵਜ਼ਾ ਰਾਸ਼ੀ ਜਲਦੀ ਤੋਂ ਜਲਦੀ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਕਾਰਨ ਜਿੰਨ੍ਹਾਂ ਲੋਕਾਂ ਦੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ, ਉਹਨਾਂ ਕੇਸਾਂ ਦੇ 45 ਲਾਭਪਾਤਰੀਆਂ ਨੂੰ ਵੀ ਬਣਦੀ ਮੁਆਵਜ਼ਾ ਰਾਸ਼ੀ ਵੰਡੀ ਗਈ ਹੈ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਹੋਏ ਨੁਕਸਾਨ ਕਰਕੇ 10 ਪਸ਼ੂ ਸ਼ੈੱਡਾਂ ਦੇ ਲਾਭਪਾਤਰੀਆਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਗਿਆ ਹੈ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ ਤੋਂ ਇਲਾਵਾ ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਵੀ ਹਾਜ਼ਰ ਸਨ।