
ਅੰਮ੍ਰਿਤਸਰ, 9 ਦਸੰਬਰ 2024 : ਸਰਹੱਦ ਪਾਰੋਂ ਨਸ਼ਿਆਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਕੰਮ ਕਰਦੇ ਗੁਰਵੀਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਵਿੱਚ ਵੱਖ-ਵੱਖ ਭੇਸ ਬਦਲ ਕੇ ਘੁੰਮ ਰਿਹਾ ਸੀ। ਪੁਲਿਸ ਥਾਣਾ ਕੈਂਟ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰਕੇ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਸੀਆਈਏ ਸਟਾਫ ਪੁਲਿਸ ਵੱਲੋਂ ਲੋਹਾਰਕਾ ਰੋਡ ਤੇ ਨਾਕੇਬੰਦੀ ਕਰਕੇ ਗੁਰਵੀਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਿਸ ਦੇ ਕੋਲੋਂ ਪੰਜ ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਸ ਕੋਲੋਂ ਇੱਕ ਫੋਰਚੂਨਰ ਕਾਰ ਵੀ ਬਰਾਮਦ ਕੀਤੀ ਹੈ।