ਅੰਮ੍ਰਿਤਸਰ, 11 ਅਗਸਤ : ਅੰਮ੍ਰਿਤਸਰ ਦੇ ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਹੈਰੋਇਨ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਐਸ.ਓ.ਸੀ ਨੇ ਵੀ ਤਸਕਰ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਮੱਗਲਰ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਹੁੰਚਾਉਂਦਾ ਸੀ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 35 ਕਰੋੜ ਰੁ. ਦੇ ਕਰੀਬ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੱਖਾ ਵਾਸੀ ਹਰਪਾਲ ਸਿੰਘ ਉਰਫ਼ ਭਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਰਜਿਸਟ੍ਰੇਸ਼ਨ ਨੰਬਰ PB46T4291 ਵਾਲਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਿੰਡ ਵਣ ਤਾਰਾ ਸਿੰਘ ਅਤੇ ਪਿੰਡ ਬਾਸਰਕੇ ਰੋਡ ’ਤੇ ਸਥਿਤ ਡੇਰਾ ਰਾਧਾ ਸੁਆਮੀ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਕਾਬੂ ਕੀਤਾ। ਉਹ ਆਪਣੇ ਸਾਈਕਲ ‘ਤੇ ਜਾ ਰਿਹਾ ਸੀ। ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਨਸ਼ਾ ਤਸਕਰੀ ਵਿੱਚ ਸਰਗਰਮ ਹੈ। ਹੈਰੋਇਨ ਦੀ ਖੇਪ ਡਰੋਨ ਰਾਹੀਂ ਪੰਜਾਬ ਪਹੁੰਚਾਈ ਜਾ ਰਹੀ ਹੈ। ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਹ ਖੇਪ ਕਿਸ ਵਿਅਕਤੀ ਨੂੰ ਪਹੁੰਚਾਈ ਜਾਣੀ ਸੀ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾਵੇਗਾ।