ਗੁਰਦਾਸਪੁਰ ,20 ਮਾਰਚ : ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਗੁਰਦਾਸਪੁਰ ਦੇ ਪਿੰਡ ਸੋਹਲ ਨੇੜੇ ਭਾਈ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਧਰਨੇ ਦੀ ਜਾਣਕਾਰੀ ਮਿਲਦੇ ਹੀ ਐਸ ਐਸ ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਹੋਰ ਪੁਲਿਸ ਅਧਿਕਾਰੀਆਂ ਨਾਲ ਤੁਰੰਤ ਮੌਕੇ ਤੇ ਪਹੁੰਚ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਦੇ ਕੁਝ ਸਮਰਥਕ ਪਿੰਡ ਸੋਹਲ ਨੇੜੇ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ। ਜਿਨ੍ਹਾਂ ਨੂੰ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਸ਼ਾਂਤ ਕੀਤਾ ਗਿਆ ਅਤੇ ਸਮਝਾ ਬੁਝਾ ਕੇ ਉਨ੍ਹਾਂ ਦੇ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਦਿਲਬਾਗ ਸਿੰਘ ਨਾਮਕ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਦੱਸ ਦਈਏ ਕਿ ਹਾਈਵੇ ਜਾਮ ਕਰਨ ਦਾ ਸੱਦਾ ਦੇਣ ਵਾਲੇ ਸਾਡਾ ਪੰਜਾਬ ਫੈਡਰੇਸ਼ਨ ਦੇ ਮੁਖੀ ਇੰਦਰਪਾਲ ਸਿੰਘ ਨੂੰ ਪੁਲੀਸ ਨੇ ਸਵੇਰੇ ਹੀ ਉਸ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਸੀ। ਇਸ ਮੌਕੇ ਡੀ.ਐਸ.ਪੀ ਰਾਜਵੀਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਸ਼ਰਾਰਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਧਾਰਾ 144 ਦੇ ਚੱਲਦਿਆਂ ਕਿਸੇ ਨੂੰ ਵੀ ਧਰਨਾ ਪ੍ਰਦਰਸ਼ਨ ਕਰਨ ਦੀ ਵੀ ਇਜਾਜ਼ਤ ਨਹੀਂ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਝੂਠੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰ ਬਾਰੇ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕਰੋ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।