ਡੇਰਾ ਬਾਬਾ ਨਾਨਕ, 26 ਜੂਨ : ਅੰਤਰਰਾਸਟਰੀ ਨਸਾ-ਖੋਰੀ ਅਤੇ ਗੈਰ ਕਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਦੀ ਅਗਵਾਈ ਹੇਠ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ, ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸਕੂਲੀ ਵਿਦਿਆਰਥੀਆਂ, ਪੰਜਾਬ ਪੁਲਸ, ਬੀ.ਐੱਸ.ਐੱਫ., ਲੈਂਡ ਪੋਰਟ ਅਥਾਰਟੀ ਆਫ ਇੰਡੀਆ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਹ ਰੈਲੀ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਤੋਂ ਸ਼ੁਰੂ ਹੋ ਕੇ ਡੇਰਾ ਬਾਬਾ ਨਾਨਕ ਦੇ ਬਜ਼ਾਰਾਂ ਵਿੱਚੋਂ ਹੁੰਦੀ ਹੈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ, ਡੇਰਾ ਬਾਬਾ ਨਾਨਕ ਵਿਖੇ ਪਹੰੁਚ ਕੇ ਸਮਾਪਤ ਹੋਈ। ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਨਾਅਰੇ ਬੁਲੰਦ ਕੀਤੇ। ਇਸ ਮੌਕੇ ਜਗਰੂਕਤਾ ਰੈਲੀ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਅਤੇ ਸਮੂਹ ਹਾਜ਼ਰੀਨ ਨੇ ਨਸ਼ਿਆਂ ਵਿਰੁੱਧ ਸਹੁੰ ਵੀ ਚੁੱਕੀ। ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿੱਚ ਧੱਕਣ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਹਰ ਵਿਅਕਤੀ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।