ਬਟਾਲਾ ਪੁਲਿਸ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

  • ‘ਯੁੱਧ ਨਸ਼ਿਆਂ ਵਿਰੁੱਧ’

ਬਟਾਲਾ, 13 ਮਈ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਵਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਅੰਦਰ ‘ਨਸ਼ਾ ਮੁਕਤ ਗ੍ਰਾਮ ਯਾਤਰਾ’ ਦੀ ਸਰਗਰਮੀ ਨਾਲ ਅਗਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿਥੇ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਸ ਦੇ ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਵਿਰੁੱਧ ਲੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।  ਇਸ ਸਬੰਧੀ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਪਿੰਡਾਂ ਅੰਦਰ ਨੋਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਸਰਕਾਰ ਵਲੋਂ ਮੁਫਤ ਇਲਾਜ ਕੀਤਾ ਜਾਂਦਾ ਹੈ। ਉਨਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਕਰਨ ਜਾਂ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ '97791-00200' ’ਤੇ ਸੂਚਿਤ ਕੀਤਾ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।