ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਆਖਿਆ ਕਿ ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ, ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਸ਼੍ਰੋਮਣੀ ਭਗਤ ਨਾਮਦੇਵ ਸਭਾ ਵੱਲੋਂ ਤਰਜਿੰਦਰ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।