- ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਵੱਧਦੀ ਹੈ ਜ਼ਮੀਨ ਦੀ ਉਪਜਾਉ ਸ਼ਕਤੀ
ਗੁਰਦਾਸਪੁਰ, 23 ਅਕਤੂਬਰ : ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ ਹੈ। ਅਜਿਹੇ ਕਰਕੇ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦਾ ਖੁਦ ਹੀ ਨੁਕਸਾਨ ਕਰ ਰਹੇ ਹਨ ਜਿਸਦੀ ਭਰਪਾਈ ਨਹੀਂ ਹੋ ਸਕਦੀ। ਇਹ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ, ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਉ ਸ਼ਕਤੀ ਵੱਧਦੀ ਹੈ ਅਤੇ ਖਾਦਾਂ ਵੀ ਘੱਟ ਪਾਉਣ ਦੀ ਲੋੜ ਪੈਂਦੀ ਹੈ। ਉਨਾਂ ਦੱਸਿਆ ਕਿ ਇੱਕ ਏਕੜ ਵਿਚ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸਨ, 2.5 ਕਿਲੋ ਪੋਟਾਸ਼ ਅਤੇ 12 ਕਿਲੋ ਸਲਫਰ ਦਾ ਨੁਕਸਾਨ ਕਰਦੇ ਹਾਂ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਡਨ ਦਸਤੇ ਵੀ ਬਣਾਏ ਗਏ ਹਨ ਜੋ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਖੇਤੀ ਸੰਦ ਵੀ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕਿਸਾਨ ਪਰਾਲੀ ਦਾ ਨਿਪਟਾਰਾ ਅਸਾਨੀ ਨਾਲ ਕਰ ਸਕਣ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹੇ।