- ਕੈਬਨਿਟ ਮੰਤਰੀ ਧਾਲੀਵਾਲ ਨੇ ਭੈਣੀ ਪਸਵਾਲ ਵਿਖੇ ਲਗਾਏ ਮੈਡੀਕਲ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ
- ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
ਗੁਰਦਾਸਪੁਰ, 19 ਅਗਸਤ : ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਕ ਵਾਰ ਫਿਰ ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਦੇ ਨਜ਼ਦੀਕ ਹੜ੍ਹ ਪ੍ਰਭਾਵਤ ਬੇਟ ਇਲਾਕੇ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਸ਼ਮਸ਼ੇਰ ਸਿੰਘ ਦੀਨਾਨਗਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ। ਪਿੰਡ ਭੈਣੀ ਪਸਵਾਲ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਓਥੇ ਸਿਹਤ ਵਿਭਾਗ ਵੱਲੋਂ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਓਥੇ ਮੌਜੂਦ ਇਲਾਕਾ ਨਿਵਾਸੀਆਂ ਦਾ ਹਾਲ-ਚਾਲ ਜਾਣਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਹੈ ਅਤੇ ਸਰਕਾਰ ਦੀ ਪੂਰੀ ਮਸ਼ੀਨਰੀ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਕਾਰਜਾਂ `ਚ ਲੱਗੀ ਹੋਈ ਹੈ। ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਬੇਟ ਇਲਾਕੇ ਵਿੱਚ ਪਾਣੀ ਹੁਣ ਉਤਰ ਚੁੱਕਾ ਹੈ ਅਤੇ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਵੀ ਕੱਲ ਤੱਕ ਭਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਹਾਲਾਤ ਆਮ ਵਾਂਗ ਹੋ ਜਾਣਗੇ। ਉਨ੍ਹਾਂ ਕਿਹਾ ਰਾਜ ਸਰਕਾਰ ਵੱਲੋਂ ਵਿਸ਼ੇਸ਼ ਸਰਵੇ ਕਰਾ ਕੇ ਲੋਕਾਂ ਦੇ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪ੍ਰਭਾਵਤ ਖੇਤਰ ਵਿੱਚ ਮੈਡੀਕਲ ਕੈਂਪ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੈਟਨਰੀ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ।