- ਪਿੰਡ ਸੈਦੋ ਲਹਿਲ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 29 ਜੁਲਾਈ : ਆਪ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੇ ਹੀ ਵੱਡੇ ਫਤਵੇ ਨਾਲ ਸਾਨੂੰ ਜਿਤਾਇਆ ਹੈ ਅਤੇ ਸਾਡਾ ਵੀ ਫਰਜ ਬਣਦਾ ਹੈ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਜੀਵਨ ਪੰਧੇਰ ਅਤੇ ਸੈਦੋਂ ਲਹਿਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਸਮੇਂ ਕੀਤਾ। ਉਨਾਂ ਕਿਹਾ ਕਿ ਇਹ ਸਾਡੀ ਸਰਕਾਰੀ ਨਹੀਂ ਤੁਹਾਡੀ ਸਰਕਾਰ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਲਈ ਹੁਣ ਜਿਲ੍ਹਾ ਪੱਧਰ ਤੇ ਨਹੀਂ ਜਾਣਾ ਪੈਂਦਾ ਜਦਕਿ ਉਨਾਂ ਦੀਆਂ ਸ਼ਿਕਾਇਤਾਂ ਪਿੰਡ ਪੱਧਰ ਤੇ ਹੀ ਹੱਲ ਕਰ ਦਿੱਤੀਆਂ ਜਾਂਦੀਆਂ ਹਨ। ਉਨਾਂ ਲੋਕਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟਾਲਰੇਂਸ ਨੀਤੀ ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਤਹਿਤ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਹਰ ਘਰ ਵਿਖੇ ਪਹੁੰਚ ਕਰ ਰਹੀ ਹੈ ਅਤੇ ਤੁਹਾਡੀਆਂ ਮੁਸ਼ਕਿਲਾਂ ਨੂੰ ਸੁਣ ਕੇ ਮੌਕੇ ਤੇ ਹੀ ਇਸਦਾ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਉਪਰੰਤ ਲੋਕ ਨਿਰਮਾਣ ਮੰਤਰੀ ਵਲੋਂ ਪਿੰਡ ਸੈਦੋਂ ਲਹਿਲ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਫਿਰਨੀ ਅਤੇ ਇੰਟਰਲਾਕਿੰਗ ਟਾਇਲਾਂ ਦੇ ਕੰਮ ਪੂਰਾ ਹੋਣ ਉਪਰੰਤ ਉਦਘਾਟਨ ਕੀਤਾ। ਉਨਾਂ ਕਿਹਾ ਕਿ ਹੁਣ ਪਿੰਡਾਂ ਨੂੰ ਵੀ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।