- ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ - ਚੇਅਰਮੈਨ ਰਮਨ ਬਹਿਲ
- ਚੇਅਰਮੈਨ ਰਮਨ ਬਹਿਲ ਨੇ ਡਾਕਟਰ ਦਿਵਸ ਮੌਕੇ ਡਾਕਟਰਾਂ ਨੂੰ ਵਧਾਈ ਦਿੱਤੀ
ਗੁਰਦਾਸਪੁਰ, 01 ਜੁਲਾਈ 2024 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪੁਰਾਣੇ ਸਿਵਲ ਹਸਪਤਾਲ, ਗੁਰਦਾਸਪੁਰ ਤੋਂ ਡੇਂਗੂ ਰੋਕੂ ਮੁਹਿੰਮ ਅਤੇ ਦਸਤ ਰੋਕੂ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਵਿਮੀ ਮਹਾਜਨ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਰੋਮੀ ਰਾਜਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਡੇਂਗੂ ਰੋਕੂ ਮੁਹਿੰਮ ਦਾ ਆਗਾਜ਼ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣਾ ਹੈ ਅਤੇ ਇਸ ਖੇਤਰ ਵਿੱਚ ਸਰਕਾਰ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਦੀ ਰੋਕਥਾਮ ਲਈ ਹੁਣ ਤੋਂ ਹੀ ਸਿਹਤ ਵਿਭਾਗ ਸਰਗਰਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਣੀ ਜਮਾਂ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਡਰਾਈ ਡੇਅ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡੇਂਗੂ ਦੇ ਖ਼ਾਤਮੇ ਲਈ ਸਥਾਨਕ ਸਰਕਾਰਾਂ ਵਿਭਾਗ ਸਮੇਤ ਹੋਰ ਵਿਭਾਗਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਉਸਦੇ ਇਲਾਜ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਇੱਕ ਵਿਸ਼ੇਸ਼ ਆਈਸੋਲੇਟਿਡ ਵਾਰਡ ਤਿਆਰ ਕੀਤਾ ਗਿਆ ਹੈ ਜਿੱਥੇ ਡੇਂਗੂ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸੇ ਦੌਰਾਨ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਤੋਂ ਦਸਤ ਰੋਕੂ ਮੁਹਿੰਮ ਦਾ ਅਗਾਜ਼ ਵੀ ਕੀਤਾ। ਉਨ੍ਹਾਂ ਕਿਹਾ ਕਿ ਦਸਤ ਰੋਕੂ ਮੁਹਿੰਮ ਤਹਿਤ ਦੋ-ਦੋ ਪੈਕਟ ਅਤੇ ਜ਼ਿੰਕ ਦੀਆਂ 14-14 ਗੋਲੀਆਂ ਪ੍ਰਤੀ ਘਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਇਹ ਗੋਲੀਆਂ ਨਹੀਂ ਮਿਲਦੀਆਂ ਤਾਂ ਉਸਦੇ ਮਾਪੇ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇਸ ਸਬੰਧੀ ਇੱਕ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ ਹੈ, ਜਿੱਥੋਂ ਦਸਤ ਰੋਕੂ ਦਵਾਈ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਵਿਸ਼ਵ ਡਾਕਟਰ ਦਿਵਸ ਦੀ ਸਮੂਹ ਡਾਕਟਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਡਾਕਟਰ ਦਾ ਰੁਤਬਾ ਸਾਡੇ ਸਮਾਜ ਵਿੱਚ ਬਹੁਤ ਉੱਚਾ ਹੈ ਅਤੇ ਬਿਮਾਰਾਂ ਲਈ ਡਾਕਟਰ ਜ਼ਿੰਦਗੀ ਦੀ ਆਸ ਹੁੰਦੇ ਹਨ। ਉਨ੍ਹਾਂ ਸਾਰੇ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਪੇਸ਼ੇਵਰ, ਸੇਵਾ-ਭਾਵਨਾ ਦੀ ਪਹੁੰਚ ਨੂੰ ਏਸੇ ਤਰਾਂ ਬਰਕਰਾਰ ਰੱਖਦੇ ਹੋਏ ਮਾਨਵਤਾ ਦੀ ਸੇਵਾ ਕਰਦੇ ਰਹਿਣ।