- ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ : ਚੇਅਰਮੈਨ ਸੇਖਵਾਂ
ਗੁਰਦਾਸਪੁਰ, 28 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਆਪਣੇ ਗ੍ਰਹਿ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ। ਇਸ ਲੋਕ ਮਿਲਣੀ ਮੌਕੇ ਵਿਧਾਨ ਸਭਾ ਹਲਕਾ ਕਾਦੀਆਂ ਸਮੇਤ ਸਮੁੱਚੇ ਜ਼ਿਲ੍ਹੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਸ਼ਹਿਰਾਂ, ਪਿੰਡਾਂ, ਗਲੀ, ਮੁਹੱਲਿਆਂ ਤੇ ਇਲਾਕੇ ਦੀਆਂ ਮੁਸ਼ਕਿਲਾਂ ਤੋਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੂੰ ਜਾਣੂ ਕਰਵਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਦੀ ਲੋਕ ਮਿਲਣੀ ਦੌਰਾਨ ਲੋਕਾਂ ਨੇ ਜਿਥੇ ਆਪਣੀਆਂ ਨਿੱਜੀ ਸਮੱਸਿਆਵਾਂ/ਕੰਮ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੂੰ ਦੱਸੇ ਓਥੇ ਹਲਕੇ ਦੇ ਲੋਕਾਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ, ਟੁੱਟੀਆ ਸੜਕਾਂ, ਵਾਟਰ ਸਪਲਾਈ, ਬਿਜਲੀ ਸਪਲਾਈ, ਗੰਦੇ ਪਾਣੀ ਦੀ ਨਿਕਾਸੀ ਵਰਗੇ ਮਸਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਸ. ਸੇਖਵਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਸਲੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਜਿਥੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਕੀਤੇ ਗਏ ਹਨ ਓਥੇ ਉਨ੍ਹਾਂ ਵੱਲੋਂ ਵੀ ਆਪਣੀ ਟੀਮ ਨਾਲ ਹੜ੍ਹ ਪੀੜ੍ਹਤਾਂ ਦੀ ਮਦਦ ਦਾ ਹਰ ਸੰਭਵ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਇੱਕ-ਇੱਕ ਕਰਕੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤੋਂ ਸੂਬਾ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਪਣੀ ਵਧੀਆ ਕਾਰਗੁਜ਼ਾਰੀ ਦੀ ਬਦੌਲਤ ਆਮ ਆਦਮੀ ਪਾਰਟੀ ਅਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਦੇ ਨਾਲ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਵੱਡੀ ਜਿੱਤ ਹਾਸਲ ਕਰੇਗੀ।