ਬਟਾਲਾ, 1 ਅਕਤੂਬਰ 2024 : 'ਸਵੱਛਤਾ ਹੀ ਸੇਵਾ' ਮੁਹਿੰਮ ਦੇ ਤਹਿਤ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਦੋਵਾਲ ਵਿਖੇ ਸਬੰਧਤ ਵਿਭਾਗਾਂ ਵਲੋਂ ਸਫਾਈ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਗੱਲ ਕਰਦਿਆਂ ਵਿਕਰਮਜੀਤ ਸਿੰਘ ਬੀ.ਆਰ.ਸੀ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਹਨੂੰਵਾਨ ਦੇ ਨੇੜਲੇ ਖੇਤਰਾਂ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰੋਗਰਾਮ 17 ਸਤੰਬਰ ਤੋਂ 02 ਅਕਤੂਬਰ 2024 ਤੱਕ ਪੂਰੇ ਜ਼ਿਲ੍ਹੇ ਵਿੱਚ ਯੂਥ ਕਲੱਬਾਂ, ਯੂਥ ਵਲੰਟੀਅਰਾਂ ਅਤੇ ਨਾਗਰਿਕਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਅਤੇ ਇਸ ਦੀ ਬਜਾਏ ਧਾਤੂ ਦੀਆਂ ਬੋਤਲਾਂ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ। ਉਨ੍ਹਾਂ ਪਲਾਸਟਿਕ ਦੇ ਵਾਤਾਵਰਨ ਅਤੇ ਮਨੁੱਖਾਂ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ।