- ਜੀ.ਐਨ.ਡੀ.ਯੂ. ਕਾਲਜ ਦੀ ਪ੍ਰਿੰਸੀਪਲ ਡਾਕਟਰ ਅਰਪਨਾ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਕੀਤਾ ਧੰਨਵਾਦ
- ਆਖਰੀ ਦਿਨ ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ, ਕਈ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ
- ਵੱਖੋ ਵੱਖ ਪੇਸ਼ਕਾਰੀਆਂ ਨੇ ਦੇਸ਼ਭਗਤੀ ਦਾ ਜਜ਼ਬਾ ਮੁੜ ਸੁਰਜੀਤ ਕੀਤਾ
ਪਠਾਨਕੋਟ, 29 ਅਗਸਤ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ 'ਚ "9 ਸਾਲ: ਸੇਵਾ, ਸੁਸ਼ਾਸਨ ਤੇ ਗਰੀਬ ਕਲਿਆਣ" ਦੀ ਥੀਮ 'ਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਜੀ.ਐਨ.ਡੀ.ਯੂ. ਕਾਲਜ ਵਿੱਚ ਲਾਈ ਗਈ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਮਾਪਨ ਹੋ ਗਿਆ। 3 ਦਿਨਾਂ ਇਸ ਪ੍ਰਦਰਸ਼ਨੀ ਵਿੱਚ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਖ਼ਾਸ ਤੌਰ ਉੱਤੇ ਸ਼ਿਰਕਤ ਕੀਤੀ ਅਤੇ ਇਸ ਅਹਿਦ ਨੂੰ ਕਾਬਿਲੇ ਤਾਰੀਫ਼ ਦੱਸਿਆ। ਉਨ੍ਹਾਂ ਕਿਹਾ ਕਿ ਇਸ ਚਿੱਤਰ ਪ੍ਰਦਰਸ਼ਨੀ ਵਿੱਚ ਤਸਵੀਰਾਂ ਦੇ ਮਾਧਿਅਮ ਰਾਹੀਂ ਪਿਛਲੇ ਸਮੇਂ ਦੌਰਾਨ ਦੇਸ਼ ਦੀਆਂ ਉਪਲਬੱਧੀਆਂ ਨੂੰ ਵਿਸਥਾਰ ਨਾਲ ਸਮਝਾਇਆ ਗਿਆ ਹੈ। ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਕਈ ਥਾਵਾਂ ਉੱਤੇ "9 ਸਾਲ: ਸੇਵਾ, ਸੁਸ਼ਾਸਨ ਤੇ ਗਰੀਬ ਕਲਿਆਣ" ਦੀ ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਆਮ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਹੇ ਨੇ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਦੇ ਜ਼ਰੀਏ ਆਤਮਨਿਰਭਰ ਭਾਰਤ ਤੋਂ ਲੈ ਕੇ ਰੱਖਿਆ ਅਤੇ ਹੋਰਨਾਂ ਖੇਤਰਾਂ ਵਿੱਚ ਦੇਸ਼ ਵਲੋਂ ਪੁੱਟੀਆਂ ਪੁਲਾਂਘਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜੀ.ਐਨ.ਡੀ.ਯੂ. ਕਾਲਜ ਦੀ ਪ੍ਰਿੰਸੀਪਲ ਡਾਕਟਰ ਅਰਪਨਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਹਨ, ਜਿਸ ਲਈ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਜੀ.ਐਨ.ਡੀ.ਯੂ. ਦੇ ਹੋਰਨਾਂ ਕਾਲਜਾਂ ਵਲੋਂ ਵੀ ਸੱਦਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਸਰਕਾਰ ਦੀਆਂ ਯੋਜਨਾਵਾਂ ਸਣੇ ਮਹੱਤਵਪੂਰਨ ਵਿਸ਼ਿਆਂ 'ਤੇ ਜਾਣਕਾਰੀ ਦਿੰਦੇ ਹਨ, ਜੋ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਇਸ ਪ੍ਰਦਰਸ਼ਨੀ ਦੌਰਾਨ ਵੱਖੋ ਵੱਖ ਪੇਸ਼ਕਾਰੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ। ਇਸ ਪ੍ਰਦਰਸ਼ਨੀ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਬੁੱਤ ਦੇ ਨਾਲ ਇੱਕ ਸੈਲਫੀ ਪੁਆਇੰਟ ਵੀ ਲਾਇਆ ਗਿਆ ਸੀ, ਜੋ ਖਿੱਚ ਦਾ ਕੇਂਦਰ ਬਣ ਕੇ ਉਭਰਿਆ। ਹਰ ਕੋਈ ਪ੍ਰਧਾਨਮੰਤਰੀ ਦੇ ਬੁੱਤ ਨਾਲ ਆਪਣੀ ਫੋਟੋ ਖਿਚਵਾਉਂਦਾ ਨਜ਼ਰ ਆਇਆ। ਇਸ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼ ਬੁੱਧਵਾਰ ਨੂੰ ਕੀਤਾ ਗਿਆ ਸੀ, ਜਿਸਨੂੰ ਇਲਾਕਾਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਦੱਸ ਦਈਏ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ "9 ਸਾਲ: ਸੇਵਾ, ਸੁਸ਼ਾਸਨ ਤੇ ਗਰੀਬ ਕਲਿਆਣ " ਦੀ ਥੀਮ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।