ਤਰਨ ਤਾਰਨ, 12 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਜੋ ਕਿ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਵੀਡੀਓ ਕਾਨਫਰੰਸ ਵਿੱਚ ਭਾਗ ਲੈ ਰਹੇ ਸਨ, ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਚੋਣਾਂ ਲਈ ਸਾਰੀਆਂ ਮੁੱਢਲੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਵੀਡੀਓ ਕਾਨਫਰੰਸ ਵਿਚ ਐਸ.ਐਸ.ਪੀ ਤਰਨ ਤਾਰਨ ਸੀ੍ ਅਸ਼ਵਨੀ ਕਪੂਰ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸੀ੍ ਸਿਮਰਨਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਨੂੰ ਇੰਨ-ਬਿੰਨ ਲਾਗੂ ਕਰਨ ਲਈ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੀ-ਵਿਜਲ ਐਪ ਨਿਗਰਾਨੀ ਟੀਮਾਂ ਅਤੇ ਆਈ. ਟੀ. ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਲੋੜੀਂਦੀਆਂ ਮਨਜ਼ੂਰੀਆਂ ਆਸਾਨ ਤਰੀਕੇ ਨਾਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਪੱਧਰ ’ਤੇ ’ਸੁਵਿਧਾ ਵਿੰਡੋ’ ਦੀ ਸਥਾਪਨਾ ਕੀਤੀ ਗਈ ਹੈ। ਇਸ ਤੋਂ ਇਲਾਵਾ ਚੋਣਾਂ ਦੌਰਾਨ ਖਰਚੇ ਉੱਪਰ ਕਰੜੀ ਨਿਗਾਰਨੀ ਰੱਖਣ ਲਈ ਸਟੈਟਿਕ ਸਰਵਿਲੈਂਸ ਟੀਮ, ਵੀਡੀਓ ਟੀਮਾਂ ਨੂੰ ਤਾਇਨਾਤ ਕਰਨ ਦੇ ਨਾਲ-ਨਾਲ ਬੂਥਾਂ ਉੱਪਰ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਗਰਾਨੀ ਟੀਮਾਂ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਮੋਨੀਟਰਿੰਗ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਐਸ. ਐਸ. ਪੀ. ਤਰਨ ਤਾਰਨ ਸੀ੍ ਅਸ਼ਵਨੀ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।