- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ
ਤਰਨ ਤਾਰਨ, 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਸਭਰਾਂ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਬੂਟਿਆਂ ਦੀ ਵੰਡ ਵੀ ਕੀਤੀ ਗਈ।ਇਸ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹਨਾਂ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾਣਗੇ।ਇਹਨਾਂ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।