- ਚੇਅਰਮੈਨ ਰਮਨ ਬਹਿਲ ਨੇ ਪੀੜਤ ਦੁਕਾਨਦਾਰਾਂ ਦੀ ਮਾਲੀ ਇਮਦਾਦ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ
ਗੁਰਦਾਸਪੁਰ, 22 ਜੁਲਾਈ 2024 : ਪਿਛਲੇ ਮਹੀਨੇ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਮਾਲੀ ਸਹਾਇਤਾ ਦੇ ਇਹ ਚੈੱਕ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਦੁਕਾਨਦਾਰਾਂ ਨੂੰ ਸੌਂਪੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ 7 ਦੁਕਾਨਦਾਰਾਂ ਵਰੁਣ ਮਲਹੋਤਰਾ, ਰਾਜੀਵ ਕੁਮਾਰ, ਜਗਦੀਸ਼ ਰਾਜ, ਮੋਹਿਤ ਸਰਨਾ, ਅਸ਼ੋਕ ਨਾਥ ਕੌਸ਼ਲ, ਗੋਪਾਲ ਨਾਥ ਅਤੇ ਪਵਨ ਕੁਮਾਰ ਦੀਆਂ ਦੁਕਾਨਾਂ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੁਕਾਨਦਾਰਾਂ ਦੀ ਮਾਲੀ ਇਮਦਾਦ ਕਰਨ ਦਾ ਕੇਸ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਔਖੀ ਘੜੀ ਵਿੱਚ ਦੁਕਾਨਦਾਰਾਂ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਭੇਜੀ ਦਿੱਤੀ ਗਈ ਹੈ, ਜਿਸਦੇ ਚੈੱਕ ਅੱਜ ਪੀੜਤ ਦੁਕਾਨਦਾਰਾਂ ਨੂੰ ਸੌਂਪ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ਵਿੱਚ ਸ਼ਾਰਟ ਸਰਕਟ ਤੋਂ ਬਚਾਅ ਲਈ ਪ੍ਰਬੰਧ ਕਰਨ ਅਤੇ ਨਾਲ ਦੁਕਾਨਾਂ ਵਿੱਚ ਅੱਗ ਬੁਝਾਊ ਯੰਤਰਾਂ ਦਾ ਵੀ ਇੰਤਜ਼ਾਮ ਕਰਕੇ ਰੱਖਿਆ ਜਾਵੇ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੀੜਤ ਦੁਕਾਨਦਾਰਾਂ ਦੀ ਮਾਲੀ ਸਹਾਇਤਾ ਕਰਕੇ ਉਨ੍ਹਾਂ ਨੂੰ ਵੱਡੀ ਢਾਰਸ ਦਿੱਤੀ ਹੈ। ਸ੍ਰੀ ਬਹਿਲ ਨੇ ਕਿਹਾ ਕਿ ਜਦੋਂ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਇਨ੍ਹਾਂ 7 ਦੁਕਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ ਤਾਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਿੱਥੇ ਪੀੜਤ ਦੁਕਾਨਦਾਰਾਂ ਦਾ ਦੁੱਖ ਵੰਡਾਇਆ ਸੀ ਓਥੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਪੰਜਾਬ ਸਰਕਾਰ ਕੋਲੋਂ ਇਸ ਨੁਕਸਾਨ ਦੀ ਭਰਪਾਈ ਲਈ ਜ਼ਰੂਰ ਮਾਲੀ ਇਮਦਾਦ ਦਿਵਾਉਣਗੇ। ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣੇ ਦੁਕਾਨਦਾਰ ਭਰਾਵਾਂ ਦੀ ਮਾਲੀ ਇਮਦਾਦ ਕਰਨ ਦੀ ਬੇਨਤੀ ਤੇ ਪੈਰਵੀ ਕੀਤੀ ਸੀ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਵਿੱਚੋਂ ਗੁਰਦਾਸਪੁਰ ਦੇ 7 ਪੀੜਤ ਦੁਕਾਨਦਾਰ ਵਰੁਣ ਮਲਹੋਤਰਾ, ਰਾਜੀਵ ਕੁਮਾਰ, ਜਗਦੀਸ਼ ਰਾਜ, ਮੋਹਿਤ ਸਰਨਾ, ਅਸ਼ੋਕ ਨਾਥ ਕੌਸ਼ਲ, ਗੋਪਾਲ ਨਾਥ ਅਤੇ ਪਵਨ ਕੁਮਾਰ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਸੌਂਪ ਦਿੱਤੇ ਗਏ ਹਨ। ਇਸ ਮੌਕੇ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਾਪਤ ਕਰਨ ਵਾਲੇ ਦੁਕਾਨਦਾਰਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਧੰਨਵਾਦ ਕੀਤਾ ਹੈ।