- ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ 'ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ
ਗੁਰਦਾਸਪੁਰ, 17 ਮਾਰਚ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ ਅਮਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ ਸਹਿਯੋਗ ਦੇਣ। ਜ਼ਿਲ੍ਹਾ ਚੋਣ ਅਧਿਕਾਰੀ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਬਾਅਦ ਦੁਪਹਿਰ 3:00 ਵਜੇ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰੀਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਆਮ ਜਨਤਾ, ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਬਣਾਉਣ ਲਈ ਸਮੁੱਚੇ ਜ਼ਿਲ੍ਹੇ ਵਿਚ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨਰ ਵੱਲੋਂ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਜਿਸ ਤੋਂ ਬਾਅਦ 14 ਮਈ ਤੱਕ ਨਾਮਜ਼ਦਗੀ ਦਾਇਰ ਕਰਨ ਦੀ ਅੰਤਿਮ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ-ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਤੱਕ ਚੋਣ ਅਮਲ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਕੁੱਲ 1591923 ਵੋਟਰ ਹਨ, ਜਿਨ੍ਹਾਂ ਵਿਚੋਂ 842773 ਮਰਦ, 749113 ਔਰਤਾਂ, 37 ਕਿੰਨਰ, 48104 ਨੌਜਵਾਨ (18-19 ਸਾਲ), 10777 ਦਿਵਿਆਂਗ ਵੋਟਰ, 442 ਪ੍ਰਵਾਸੀ ਭਾਰਤੀ ਅਤੇ 35629 ਸੀਨੀਅਰ ਸਿਟੀਜ਼ਨ/80+ ਵੋਟਰ ਹਨ। ਉਨ੍ਹਾਂ ਕਿਹਾ ਕਿ ਸਰਵਿਸ ਵੋਟਰਾਂ ਦੀ ਗਿਣਤੀ 22464 ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਕਰਵਾਉਣ ਲਈ ਜ਼ਿਲ੍ਹੇ ਵਿਚ ਕੁੱਲ 1895 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਕਰਵਾਉਣ ਲਈ ਪੋਲਿੰਗ ਸਟੇਸ਼ਨਾਂ ਦੀ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਿਚ ਦਿਵਿਆਂਗ ਵੋਟਰਾਂ ਅਤੇ ਸੀਨੀਅਰ ਸਿਟੀਜ਼ਨ/85+ਵੋਟਰਾਂ ਨੂੰ ਪੋਸਟਲ ਬੈਲਟ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਚੋਣਾਂ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਦੀਆਂ ਦੀਆਂ ਹਦਾਇਤਾਂ ਅਨੁਸਾਰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੋਲਿੰਗ ਲੋਕੇਸ਼ਨਾਂ ਤੇ ਮਾਈਕਰੋ ਅਬਜ਼ਰਵਰਾਂ ਦੀ ਨਿਯੁਕਤੀ ਵੱਖਰੇ ਤੌਰ ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ। ਇਸ ਤੋਂ ਇਲਾਵਾ ਅਰਧ ਸੈਨਿਕ ਬਲ ਦੀਆਂ ਕੰਪਨੀਆਂ ਵੀ ਜ਼ਿਲ੍ਹੇ ਵਿਚ ਪਹੁੰਚ ਚੁੱਕੀਆਂ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਵਿਸ਼ੇਸ਼ ਤੌਰ ਤੇ ਸ਼ਨਾਖ਼ਤ ਕਰਵਾਈ ਗਈ ਹੈ। ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਇਹਨਾਂ ਪੋਲਿੰਗ ਸਟੇਸ਼ਨਾਂ ਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਨਾਲ ਪੈਰਾ ਮਿਲਟਰੀ ਫੋਰਸ ਵੀ ਤੈਨਾਤ ਕੀਤੀ ਜਾਵੇਗੀ ਅਤੇ ਵੈੱਬ ਕਾਸਟਿੰਗ ਵੀ ਕਰਵਾਈ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਚੋਣਾਂ ਦੇ ਪ੍ਰੋਸੈੱਸ ਦੀ ਨਿਗਰਾਨੀ ਲਈ ਹਰ ਵਿਧਾਨ ਸਭਾ ਹਲਕਾ ਪੱਧਰ 'ਤੇ ਫਲਾਈਂਗ ਸੁਕੈਡ, ਫਲਾਈਂਗ ਸੁਕੈਡ ਸੀ-ਵਿਜ਼ਲ, ਸਟੈਟਿਕ ਸਰਵੀਲੈਂਸ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਅਕਾਊਂਟਿੰਗ ਟੀਮਾਂ, ਵੀਡੀਓ ਵਿਊਵਿੰਗ ਟੀਮਾਂ, ਲੀਕਰ ਮੋਨੀਟਰਿੰਗ ਟੀਮਾਂ, ਡਰੱਗ ਕੰਟਰੋਲ ਟੀਮਾਂ, ਅਸਿਸਟੈਂਟ ਐਕਸਪੈਂਡੀਚਰ ਅਬਜ਼ਰਵਰ ਅਤੇ ਜ਼ਿਲ੍ਹਾ ਪੱਧਰ 'ਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਟੀਮਾਂ ਚੋਣਾਂ ਵਿਚ ਅਣ-ਅਧਿਕਾਰਤ ਨਕਦੀ, ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਦਿਨ-ਰਾਤ 24 ਘੰਟੇ ਕੰਮ ਕਰਨਗੀਆਂ। ਉਨ੍ਹਾਂ ਲੋਕਾਂ ਨੂੰ ਇਹ ਸਲਾਹ ਦਿੱਤੀ ਕਿ ਜੇਕਰ ਉਹ ਪੈਸਾ ਇੱਧਰ-ਉੱਧਰ ਲੈ ਕੇ ਜਾਣਾ ਚਾਹੁੰਦੇ ਹਨ, ਤਾਂ ਇਹ ਡਿਮਾਂਡ ਡਰਾਫ਼ਟਾਂ, ਟਰੈਵਲਰ ਚੈਕਸ ਜਾਂ ਅਜਿਹੇ ਕਿਸੇ ਰੂਪ ਵਿਚ ਲੈ ਕੇ ਜਾਣ । ਨਕਦੀ ਲੈ ਕੇ ਜਾਣ ਤੋ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਜ਼ਬਤ ਹੋ ਸਕਦੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦਿੱਤੀਆਂ ਜਾਣੀਆਂ ਹਨ। ਪਰਮੀਸ਼ਨਾਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪੱਧਰ ਪੱਧਰ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕੀਤਾ ਗਿਆ ਹੈ। ਇਹ ਟੀਮ ਉਮੀਦਵਾਰ/ਬਿਨੈਕਾਰ ਨੂੰ ਪਰਮੀਸ਼ਨ ਦੇਣ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਉਣਗੇ ਅਤੇ ਸਿੰਗਲ ਵਿੰਡੋ ਰਾਹੀਂ ਪਰਮੀਸ਼ਨ ਜਾਰੀ ਕਰਵਾਉਣਗੇ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜਸੀ ਪਾਰਟੀਆਂ/ਉਮੀਦਵਾਰਾਂ ਵੱਲੋਂ ਚੋਣਾਂ ਦੌਰਾਨ ਅਖ਼ਬਾਰਾਂ, ਟੀ.ਵੀ.ਚੈਨਲਾਂ, ਸੋਸ਼ਲ ਮੀਡੀਆ 'ਤੇ ਲੱਗਣ ਵਾਲੇ ਇਸ਼ਤਿਹਾਰ ਤੇ ਪੇਡ ਨਿਊਜ਼ ਨੂੰ ਬਾਰੀਕੀ ਨਾਲ ਵਾਚਣ ਲਈ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਬਲਾਕ-ਏ, ਕਮਰਾ ਨੰਬਰ 314 ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਅਤੇ ਬਟਾਲਾ ਦੀ ਨਿਗਰਾਨੀ ਹੇਠ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਲਗਾਤਾਰ ਪਾਰਟੀ/ਉਮੀਦਵਾਰਾਂ ਵੱਲੋਂ ਛਪਵਾਏ ਜਾਣ ਵਾਲੇ ਪ੍ਰਿੰਟ, ਇਲੈੱਕਟ੍ਰਾਨਿਕ ਤੇ ਸੋਸ਼ਲ ਮੀਡੀਆ ਵਿਚ ਦਿੱਤੇ ਜਾਂਦੇ ਇਸ਼ਤਿਹਾਰਾਂ ਤੇ ਸ਼ੱਕੀ ਪੇਡ ਨਿਊਜ਼ ਦਾ ਨਿਰੀਖਣ ਕੀਤਾ ਜਾਵੇਗਾ। ਐਮ.ਸੀ.ਐਮ.ਸੀ ਵੱਲੋਂ ਰੋਜ਼ਾਨਾ ਛਪਣ ਵਾਲੇ ਇਸ਼ਤਿਹਾਰਾਂ ਦਾ ਉਮੀਦਵਾਰ ਵਾਈਜ਼ ਰਿਕਾਰਡ ਮੈਨਟੇਨ ਕੀਤਾ ਜਾਵੇਗਾ ਅਤੇ ਇਸ਼ਤਿਹਾਰ ਦਾ ਖਰਚਾ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਭੇਜਿਆ ਜਾ ਰਿਹਾ ਹੈ, ਤਾਂ ਜੋ ਖਰਚਾ ਕਮੇਟੀ ਜ਼ਰੀਏ ਸਬੰਧਿਤ ਉਮੀਦਵਾਰ ਦੇ ਚੋਣ ਖ਼ਰਚੇ ਵਿੱਚ ਇਸ਼ਤਿਹਾਰਬਾਜ਼ੀ ਦਾ ਖਰਚਾ ਜੋੜਿਆ ਜਾ ਸਕੇ। ਇਸ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਇਸ ਵਾਰ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖ਼ਰਚੇ ਦੀ ਹੱਦ 70 ਲੱਖ ਤੋਂ ਵਧਾ ਕੇ 95 ਲੱਖ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਵੱਲੋਂ ਆਪਣੇ ਸਾਰੇ ਚੋਣ ਖ਼ਰਚੇ ਨੂੰ ਖ਼ਰਚਾ ਰਜਿਸਟਰ ਵਿੱਚ ਦਰਜ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਚੋਣ ਦਫ਼ਤਰ ਵੱਲੋਂ ਵੀ ਉਮੀਦਵਾਰ ਦੇ ਕਰਚੇ ਦਾ ਹਿਸਾਬ ਰੱਖਣ ਲਈ ਸ਼ੈਡੋ ਖ਼ਰਚਾ ਰਜਿਸਟਰ ਲਗਾਇਆ ਜਾਵੇਗਾ। ਉਨ੍ਹਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਅਸਲਾ ਸਬੰਧਿਤ ਥਾਣੇ, ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾ ਦੇਣ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਚੋਣ ਹਲਕਿਆਂ ਵਿਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕੰਟਰੋਲ ਰੂਮ ਦਾ ਨੰਬਰ 1800-180-1852 ਹੈ ਅਤੇ ਇਸ ਨੰਬਰ ਉੱਪਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਕੋਈ ਜਾਣਕਾਰੀ ਲੈਣ ਲਈ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੀ-ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਚੋਣ ਪ੍ਰਚਾਰ ਲਈ ਵਰਤੀ ਗਈ ਸਰਕਾਰੀ ਪ੍ਰਾਪਰਟੀ ਉੱਪਰ ਇਸ਼ਤਿਹਾਰ/ਪੇਂਟਿੰਗ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਜਾਂ ਉਸ ਦੇ ਵਰਕਰਾਂ ਨੂੰ ਕਿਸੇ ਵਿਅਕਤੀ ਦੀ ਆਗਿਆ ਬਿਨਾਂ ਉਸ ਦੀ ਜ਼ਮੀਨ, ਇਮਾਰਤ ਜਾਂ ਕੰਧ ਉੱਤੇ ਝੰਡੇ, ਬੈਨਰ, ਨੋਟਿਸ ਚਿਪਕਾਉਣਾ, ਨਾਹਰੇ ਆਦਿ ਲਿਖਣ ਦੀ ਆਗਿਆ ਨਹੀਂ ਹੋਵੇਗੀ। ਕੋਈ ਵੀ ਮੰਤਰੀ/ਰਾਜਸੀ ਲੀਡਰ ਚੋਣਾਂ ਦੇ ਕੰਮਾਂ/ਪ੍ਰਚਾਰ ਲਈ ਸਰਕਾਰੀ ਗੱਡੀਆਂ/ਮਸ਼ੀਨਰੀ ਦੀ ਵਰਤੋਂ ਨਹੀਂ ਕਰੇਗਾ ਅਤੇ ਨਾ ਹੀ ਸਰਕਾਰੀ ਕਰਮਚਾਰੀਆਂ ਨੂੰ ਚੋਣਾਂ ਦੇ ਦੌਰਾਨ ਰੈਲੀ ਆਦਿ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ/ਨੇਤਾ ਨੂੰ ਸਰਕਾਰੀ ਰੈਸਟ ਹਾਊਸਾਂ ਅਤੇ ਹੋਰ ਸਰਕਾਰੀ ਰਿਹਾਇਸ਼ਾਂ ਨੂੰ ਵਰਤਣ ਜਾਂ ਮੀਟਿੰਗ ਆਦਿ ਕਰਨ ਦੀ ਆਗਿਆ ਨਹੀਂ ਹੋਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਾਰਟੀ ਵੱਲੋਂ ਮਿਥੇਂ ਸਮੇਂ ਦੇ ਅੰਦਰ-ਅੰਦਰ ਅਜਿਹਾ ਨਹੀਂ ਕੀਤਾ ਜਾਂਦਾ, ਤਾਂ ਸਬੰਧਿਤ ਪਾਰਟੀ ਦੇ ਖ਼ਿਲਾਫ਼ 'ਦਾ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ, 1997 ਦੀ ਧਾਰਾ 3/ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ਤੇ ਚੋਣ ਪ੍ਰਚਾਰ/ਸਮਗਰੀ ਨੂੰ ਹਟਾਉਣ ਸਬੰਧੀ ਜੋ ਵੀ ਖਰਚਾ ਆਵੇਗਾ ਉਸ ਨੂੰ ਸਬੰਧਿਤ ਪਾਰਟੀ ਦੇ ਖਾਤੇ ਵਿੱਚ ਜੋੜਿਆ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਪਿਛਲੀਆਂ ਲੋਕ ਸਭਾ ਚੋਣਾਂ-2019 ਦੌਰਾਨ ਲੋਕ ਸਭਾ ਚੋਣ ਹਲਕਾ 01-ਗੁਰਦਾਸਪੁਰ ਵਿਚ 69.51 ਫ਼ੀਸਦੀ ਵੋਟਾਂ ਪਈਆਂ ਸਨ। ਇਸ ਵਾਰ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਪ੍ਰਤੀਸ਼ਤ 70 ਪਾਰ ਕਰਨ ਦਾ ਟੀਚਾ ਦਿੱਤਾ ਗਿਆ ਹੈ. ਜਿਸ ਨੂੰ ਪੂਰਾ ਕਰਨ ਲਈ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਵੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਸੁਰੱਖਿਆ ਪ੍ਰਬੰਧਾਂ ਬਾਰੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ, ਐੱਸ.ਡੀ.ਐੱਮ. ਕਲਾਨੌਰ ਮੈਡਮ ਜਿਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਹਰਦੀਪ ਸਿੰਘ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਸ. ਸੁਖਰਾਜ ਸਿੰਘ ਢਿਲੋਂ, ਐੱਸ.ਪੀ. ਸ੍ਰੀਮਤੀ ਜਸਵੰਤ ਕੌਰ, ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।