- ਗਰੀਬ, ਭੁੱਖੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਖਾਣਾ ਵੰਡਣ ਲਈ ਫੂਡ ਮੋਬਾਇਲ ਵੈਨ ਸ਼ੁਰੂ ਕਰਨ ਦੀਆਂ ਵੀ ਕੀਤਆਂ ਵਿਚਾਰਾਂ
- ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੋਕ ਭਲਾਈ ਕੰਮਾਂ ਦਾ ਰੀਵਿਊ
ਗੁਰਦਾਸਪੁਰ, 14 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾਣ ਵਾਲੇ ਲੋਕ ਭਲਾਈ ਕੰਮਾਂ ਦਾ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਟਰੱਸਟ ਨਾਲ ਮਿਲ ਕੇ ਜਲਦ ਹੀ ਗੁਰਦਾਸਪੁਰ ਸ਼ਹਿਰ ਵਿੱਚ ਇੱਕ ਲੈਬਾਰਟਰੀ ਸ਼ੁਰੂ ਕੀਤੀ ਜਾਵੇਗੀ ਜਿਥੇ ਬਜ਼ਾਰ ਤੋਂ ਸਸਤੇ ਰੇਟਾਂ ’ਤੇ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੈਬਾਰਟਰੀ ਨੂੰ ਸ਼ੁਰੂ ਕਰਨ ਲਈ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗਰੀਬ, ਭੁੱਖੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਖਾਣਾ ਵੰਡਣ ਲਈ ਫੂਡ ਮੋਬਾਇਲ ਵੈਨ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹੋਟਲ, ਰੈਟੋਰੈਂਟ, ਮੈਰੇਜ ਪੈਲੇਸ ਜਿਥੇ ਖਾਣਾ ਵੱਧ ਜਾਵੇਗਾ ਉਹ ਵਧਿਆ ਹੋਇਆ ਤਾਜਾ ਖਾਣਾ ਰੈੱਡ ਕਰਾਸ ਨੂੰ ਦੇ ਦੇਣਗੇ ਜੋ ਅੱਗੇ ਲੋੜਵੰਦ ਲੋਕਾਂ ਤੱਕ ਵੰਡਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅਬਾਦ ਸੰਜੀਵਨੀ ਪ੍ਰੋਗਰਾਮ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਹਜ਼ਾਰਾਂ ਲੋਕ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਏਨ੍ਹਾਂ ਮੁਫ਼ਤ ਮੈਡੀਕਲ ਕੈਂਪਾਂ ਦਾ ਘੇਰਾ ਹੋਰ ਵਧਾਇਆ ਜਾਵੇਗਾ। ਮੀਟਿੰਗ ਦੌਰਾਨ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿਲਜ਼ ਸੈਂਟਰ ਨੂੰ ਵੀ ਜਲਦ ਸ਼ੂਰੂ ਕਰਨ ਲਈ ਵਿਚਾਰ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਭਲਾਈ ਦੇ ਕਾਰਜ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਰਾਜੀਵ ਸਿੰਘ, ਮੈਂਬਰ ਸ੍ਰੀ ਮੋਹਿਤ ਮਹਾਜਨ, ਸ੍ਰੀ ਸੰਜੀਵ ਸਰਪਾਲ, ਸ੍ਰੀ ਓਮ ਪ੍ਰਕਾਸ਼ ਸ਼ਰਮਾਂ, ਸ. ਇੰਦਰਜੀਤ ਸਿੰਘ ਬਾਜਵਾ, ਸ੍ਰੀ ਦਰਸ਼ਨ ਮਹਾਜਨ, ਸ੍ਰੀ ਪ੍ਰਭਜਿੰਦਰਾ ਅਨੰਦ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।