- ਆੜ੍ਹਤੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਆਦਿ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ
- ਝੋਨੇ ਦੇ ਸੀਜ਼ਨ ਦੌਰਾਨ ਅਧਿਕਾਰੀ ਪੂਰੀ ਤਰਾਂ ਮੁਸ਼ਤੈਦ ਰਹਿੰਦੇ ਹੋਏ ਕਿਸਾਨਾਂ ਦੇ ਹਮਾਇਤੀ ਬਣ ਕੇ ਕੰਮ ਕਰਨ - ਡਿਪਟੀ ਕਮਿਸ਼ਨਰ
ਗੁਰਦਾਸਪੁਰ, 14 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਵਿਖੇ ਝੋਨੇ ਦੀ ਖਰੀਦ ਨਿਰਵਿਗਨ ਜਾਰੀ ਹੈ। ਝੋਨੇ ਦੀ ਖਰੀਦ ਅਤੇ ਬਾਰਸ਼ ਦੌਰਾਨ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਵਰ੍ਹਦੇ ਮੀਂਹ ਵਿੱਚ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਪਾਇਆ ਕਿ ਮੰਡੀ ਵਿੱਚ ਕਾਫੀ ਹੱਦ ਤੱਕ ਪ੍ਰਬੰਧ ਮੁਕੰਮਲ ਸਨ ਪਰ ਕੁਝ ਝੋਨੇ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕਿਆ ਨਹੀਂ ਸੀ ਗਿਆ। ਇਸ ਅਣਗਿਹਲੀ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਗੁਰਦਾਸਪੁਰ ਨੂੰ ਮੌਕੇ ’ਤੇ ਹੀ ਬੁਲਾ ਕੇ ਸਬੰਧਤ ਅਧਿਕਾਰੀਆਂ ਅਤੇ ਵਿਅਕਤੀਆਂ ਖ਼ਿਲਾਫ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨੇ ਤੁਰੰਤ ਝੋਨੇ ਦੀਆਂ ਬੋਰੀਆਂ ਨੂੰ ਤਰਪਾਲਾਂ ਨਾਲ ਕਵਰ ਕਰਵਾਇਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਜ਼ਿੰਮੀਦਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਪੂਰੀ ਤਰਾਂ ਮੁਸ਼ਤੈਦ ਰਹਿੰਦੇ ਹੋਏ ਕਿਸਾਨਾਂ ਦੇ ਹਮਾਇਤੀ ਬਣ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਆੜ੍ਹਤੀਆਂ ਵੱਲੋਂ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਆਦਿ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕੀਤੀ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਮੂਹ ਐੱਸ.ਡੀ.ਐੱਮਜ਼, ਫੂਡ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿੱਜੀ ਤੌਰ ’ਤੇ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਅਧਿਕਾਰੀਆਂ ਵੱਲੋਂ ਵੀ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਨੂੰ ਸਮੇਂ ਸਿਰ ਪੂਰੇ ਭਾਅ ਉੱਪਰ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਬਿਨ੍ਹਾਂ ਦੇਰੀ ਉਨ੍ਹਾਂ ਦਾ ਝੋਨਾ ਖਰੀਦਿਆ ਜਾ ਸਕੇ।